ਕੀ ਬਾਦਲ ਸਰਕਾਰ ਦੇ ਨਕਸ਼ੇ ਕਦਮ ‘ਤੇ ਹੈ ਕੈਪਟਨ ਸਰਕਾਰ?

ਬੇਅਦਬੀ ਅਤੇ ਗੋਲੀ ਕਾਂਡ ਦੇ ਮੁੱਦੇ ‘ਤੇ ਹੋ ਰਹੀ ਸਿੱਖ ਕੌਮ ਦੀ ਲਾਮਬੰਦੀ ਨੇ ਕੈਪਟਨ ਸਰਕਾਰ ਲਈ ਖਤਰੇ ਦੀ ਘੰਟੀ ਮੰਨੀ ਜਾ ਰਹੀ ਹੈ। ਖਬਰਾਂ ਅਨੁਸਾਰ 7 ਅਕਤੂਬਰ ਨੂੰ ਬਰਗਾੜੀ ਵਿੱਚ ਹੋਏ ਇਕੱਠ ਮਗਰੋਂ ਇਸ ਸੰਕਟ ਨੂੰ ਵਿਚਾਰਨ ਲਈ ਮੁੱਖ ਮੰਤਰੀ ਨੇ ਮੰਗਲਵਾਰ ਸ਼ਾਮ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਡੀਜੀਪੀ ਸੁਰੇਸ਼ ਅਰੋੜਾ, ਡੀਜੀਪੀ ਇੰਟੈਲੀਜੈਂਸ ਦਿਨਕਰ ਗੁਪਤਾ ਅਤੇ ਹੋਰ ਅਧਿਕਾਰੀ ਸ਼ਾਮਲ ਸਨ। ਖਬਰਾਂ ਅਨੁਸਾਰ ਬਰਗਾੜੀ ‘ਚ ਲੋਕਾਂ ਦੀ ਆਪ ਮੁਹਾਰੀ ਪਹੁੰਚੀ ਵੱਡੀ ਭੀੜ ਮੁੱਖ ਮੰਤਰੀ ਤੇ ਹੋਰਨਾਂ ਅਧਿਕਾਰੀਆਂ ਦਰਮਿਆਨ ਖਾਸ ਚਰਚਾ ਦਾ ਵਿਸ਼ਾ ਰਹੀ। ਸੀਨੀਅਰ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਕੀਤਾ ਕਿ ‘ਬਰਗਾੜੀ ਮੋਰਚੇ’ ਦੇ ਲੰਮਾ ਸਮਾਂ ਲੱਗੇ ਰਹਿਣ ਕਾਰਨ ਸਰਕਾਰ ਨੂੰ ਭਵਿੱਖ ਵਿੱਚ ਵੱਡੇ ਸੰਕਟ ਵਿੱਚੋਂ ਲੰਘਣਾ ਪੈ ਸਕਦਾ ।
ਖ਼ਬਰਾਂ ਹਨ ਕਿ ਮੀਟਿੰਗ ਦੌਰਾਨ ਪੁਲੀਸ ਤੇ ਸਿਵਲ ਅਧਿਕਾਰੀਆਂ ਨੇ ਸਪੱਸ਼ਟ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਦਾ ਹੱਲ ਤੁਰੰਤ ਕੱਢਣਾ ਚਾਹੀਦਾ ਹੈ। ਪੁਲੀਸ ਅਧਿਕਾਰੀਆਂ ਮੁਤਾਬਕ ਕੋਟਕਪੂਰਾ ਅਤੇ ਬਹਿਬਲ ਕਲਾਂ ਪਹਿਲਾਂ ਹੀ ਸੰਵੇਦਨਸ਼ੀਲ ਹਨ ਅਤੇ ਬਰਗਾੜੀ ਵਿੱਚ ਲਗਾਏ ਗਏ ਪੱਕੇ ਮੋਰਚੇ ਨਾਲ ਲੋਕ ਜਜ਼ਬਾਤੀ ਤੌਰ ‘ਤੇ ਜੁੜ ਰਹੇ ਹਨ ਜੋ ਜ਼ਿਆਦਾ ਗੰਭੀਰ ਵਿਸ਼ਾ ਹੈ। ਬਰਗਾੜੀ ਵਿੱਚ 14 ਅਕਤੂਬਰ ਨੂੰ ਹੋਣ ਵਾਲੇ ਇਕੱਠ ਦਾ ਮਾਮਲਾ ਵੀ ਵਿਚਾਰਿਆ ਗਿਆ।
ਮੁੱਖ ਮੰਤਰੀ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤਹਿਤ ਕਾਰਵਾਈ ਲਈ ਵਧੀਕ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਕਾਇਮ ਕੀਤੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਸਮੀਖਿਆ ਵੀ ਕੀਤੀ ਤੇ ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਪੰਜਾਬ ਹਰਿਆਣਾ ਹਾਈ ਕੋਰਟ ਤੱਕ ਅੱਪੜ ਜਾਣ ਕਾਰਨ ਐਸਆਈਟੀ ਵੱਲੋਂ ਹਾਲ ਦੀ ਘੜੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ। ਅਦਾਲਤ ਵੱਲੋਂ ਕਈ ਪੁਲੀਸ ਅਫ਼ਸਰਾਂ ਨੂੰ ਰਾਹਤ ਦਿੱਤੀ ਜਾ ਚੁੱਕੀ ਹੈ ।
ਵਿਧਾਨ ਸਭਾ ਵਿੱਚ ਹੋਈ ਬਹਿਸ ਤੋਂ ਬਾਅਦ ਅਮਲੀ ਤੌਰ ‘ਤੇ ਐਸਆਈਟੀ ਦੇ ਗਠਨ ਤੋਂ ਬਿਨਾਂ ਕੋਈ ਕਾਰਵਾਈ ਸਾਹਮਣੇ ਨਹੀਂ ਆਈ ਹੈ। ਇਸ ਲਈ ਕਾਂਗਰਸੀ ਨੇਤਾ ਵੀ ਮੰਨ ਰਹੇ ਹਨ ਕਿ ਜੇਕਰ ਸਰਕਾਰ ਨੇ ਰਿਪੋਰਟ ਮੁਤਾਬਕ ਕਾਰਵਾਈ ਨਾ ਕੀਤੀ ਤਾਂ ਕਾਂਗਰਸ ਨੂੰ ਵੀ ਇਹ ਮੁੱਦਾ ਅਕਾਲੀਆਂ ਵਾਂਗ ਹੀ ਸਿਆਸੀ ਤੌਰ ‘ਤੇ ਬੇਹੱਦ ਭਾਰੀ ਪੈ ਸਕਦਾ ਹੈ।