ਰੁਝਾਨ ਖ਼ਬਰਾਂ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਾਈ ਕਮਿਸ਼ਨਰ ਨਾਦਿਰ ਪਟੇਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਾਈ ਕਮਿਸ਼ਨਰ ਨਾਦਿਰ ਪਟੇਲ 

ਅੰਮ੍ਰਿਤਸਰ: ਕੈਨੇਡਾ ‘ਚ ਭਾਰਤ ਦੇ ਹਾਈ ਕਮਿਸ਼ਨਰ ਨਾਦਿਰ ਪਟੇਲ ਭਾਰਤ ਦੌਰੇ ‘ਤੇ ਹਨ। ਉਹ ਪਰਿਵਾਰ ਸਮੇਤ ਸੋਮਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਕੈਨੇਡਾ ਅਤੇ ਭਾਰਤ ਵਿਚਾਲੇ ਇਕ ਮਜ਼ਬੂਤ ਰਿਸ਼ਤਾ ਹੈ ਅਤੇ ਉਹ ਇੱਥੇ ਨਿੱਘਾ ਸਵਾਗਤ ਕਰਨ ਲਈ ਭਾਰਤ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਮੇਰੇ ਪਰਿਵਾਰ ਨਾਲ ਮੇਰੀ ਪਹਿਲੀ ਅਧਿਕਾਰਤ ਯਾਤਰਾ ਹੈ। ਇਸ ਮੌਕੇ ਉਨ੍ਹਾਂ ਦੀ ਪਤਨੀ ਅਤੇ ਬੇਟੀ ਵੀ ਨਾਲ ਸਨ। ਉਨ੍ਹਾਂ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ‘ਚ ਪ੍ਰਸ਼ਾਦਾ ਛਕਿਆ ਅਤੇ ਪ੍ਰਸ਼ਾਦਾ ਤਿਆਰ ਕਰਨ ਦੀ ਸੇਵਾ ਵੀ ਕੀਤੀ। ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਪਟੇਲ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਆ ਕੇ ਉਨ੍ਹਾਂ ਨੂੰ ਸ਼ਾਂਤੀ ਪ੍ਰਾਪਤ ਹੋਈ। ਉਨ੍ਹਾਂ ਕਿਹਾ ਕਿ ਕੈਨੇਡਾ ਅਤੇ ਭਾਰਤ ਦੇ ਆਪਸ ‘ਚ ਚੰਗੇ ਰਿਸ਼ਤੇ ਹਨ ਅਤੇ ਦੋਹਾਂ ਦੇਸ਼ਾਂ ਵਿਚ ਕਈ ਸਮਾਨਤਾਵਾਂ ਵੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਦੋਵੇਂ ਦੇਸ਼ ਵਿਦਿਅਕ ਖੇਤਰ ਵਿਚ ਇਕ-ਦੂਜੇ ਦੇ ਭਾਈਵਾਲ ਹਨ। ਕੈਨੇਡਾ ਵਿਚ ਵੱਡੀ ਗਿਣਤੀ ‘ਚ ਭਾਰਤੀ ਵਿਦਿਆਰਥੀ ਪੜ੍ਹਨ ਲਈ ਜਾਂਦੇ ਹਨ।