Copyright & copy; 2019 ਪੰਜਾਬ ਟਾਈਮਜ਼, All Right Reserved
ਸੀਨੀਅਰ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਦਾ ਦੇਹਾਂਤ

ਸੀਨੀਅਰ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਦਾ ਦੇਹਾਂਤ

ਐਸ.ਏ.ਐਸ. ਨਗਰ (ਮੁਹਾਲੀ) : ਸੀਨੀਅਰ ਪੱਤਰਕਾਰ ਤੇ ਕਾਲਮਨਵੀਸ ਸ਼ੰਗਾਰਾ ਸਿੰਘ ਭੁੱਲਰ (74 ਸਾਲ) ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਸਨ। ਸ੍ਰੀ ਭੁੱਲਰ ਦੇ ਪਰਿਵਾਰ ਵਿਚ ਪਤਨੀ ਤੋਂ ਇਲਾਵਾ ਦੋ ਪੁੱਤਰ ਤੇ ਇਕ ਧੀ ਹੈ। ਪੰਜਾਬੀ ਪੱਤਰਕਾਰੀ ਵਿੱਚ ਉਹ ਇਕਲੌਤੇ ਅਜਿਹੇ ਪੱਤਰਕਾਰ ਸਨ, ਜਿਨ੍ਹਾਂ ਨੂੰ ਚਾਰ ਰੋਜ਼ਾਨਾ ਅਖ਼ਬਾਰਾਂ ਵਿੱਚ ਬਤੌਰ ਸੰਪਾਦਕ ਕੰਮ ਕਰਨ ਦਾ ਮਾਣ ਹਾਸਲ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਬਾਅਦ ਦੁਪਹਿਰ 3 ਵਜੇ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਹੋਵੇਗਾ। ਉਹ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭੁੱਲਰ ਦੇ ਜੰਮਪਲ ਸਨ। ਸ੍ਰੀ ਭੁੱਲਰ ਨੇ 28 ਸਾਲ ‘ਪੰਜਾਬੀ ਟ੍ਰਿਬਿਊਨ’ ਵਿਚ ਸੇਵਾਵਾਂ ਨਿਭਾਈਆਂ ਤੇ 2006 ਵਿੱਚ ਸੰਪਾਦਕ ਵਜੋਂ ਸੇਵਾਮੁਕਤ ਹੋਏ। ਮੌਜੂਦਾ ਸਮੇਂ ਉਹ ਮੁਹਾਲੀ ਤੋਂ ਪ੍ਰਕਾਸ਼ਿਤ ਹੁੰਦੇ ਇਕ ਰੋਜ਼ਾਨਾ ਪੰਜਾਬੀ ਅਖ਼ਬਾਰ ਦੇ ਸੰਪਾਦਕ ਸਨ। ਸ੍ਰੀ ਭੁੱਲਰ ਨੂੰ ਭਾਸ਼ਾ ਵਿਭਾਗ ਵੱਲੋਂ ‘ਸ਼੍ਰੋਮਣੀ ਪੱਤਰਕਾਰ’ ਦੇ ਖ਼ਿਤਾਬ ਨਾਲ ਵੀ ਨਿਵਾਜਿਆ ਜਾ ਚੁੱਕਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੰਗਾਰਾ ਸਿੰਘ ਭੁੱਲਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਭੁੱਲਰ ਬਹੁਪੱਖੀ ਕਾਲਮਨਵੀਸ ਹੋਣ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ, ਸੂਬੇ ਦੇ ਸਮਾਜਿਕ, ਆਰਥਿਕ ਤੇ ਧਾਰਮਿਕ ਦ੍ਰਿਸ਼ਟੀਕੋਣਾਂ ਤੋਂ ਚੰਗੀ ਤਰ੍ਹਾਂ ਵਾਕਿਫ਼ ਸਨ। ਉਨ੍ਹਾਂ ਪੰਜਾਬੀ ਭਾਸ਼ਾ, ਸਾਹਿਤ ਤੇ ਪੱਤਰਕਾਰੀ ਦੇ ਪ੍ਰਚਾਰ ਤੇ ਪਸਾਰ ਲਈ ਮੋਹਰੀ ਹੋ ਕੇ ਕੰਮ ਕੀਤਾ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸ੍ਰੀ ਭੁੱਲਰ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।