ਰੁਝਾਨ ਖ਼ਬਰਾਂ
ਕੈਪਟਨ ਵੱਲੋਂ ਬਾਦਲਾਂ ਦੇ ਗੜ੍ਹ ਲੰਬੀ ਤੋਂ ਲੋਕ ਸਭਾ ਚੋਣਾਂ ਦਾ ਬਿਗਲ

ਕੈਪਟਨ ਵੱਲੋਂ ਬਾਦਲਾਂ ਦੇ ਗੜ੍ਹ ਲੰਬੀ ਤੋਂ ਲੋਕ ਸਭਾ ਚੋਣਾਂ ਦਾ ਬਿਗਲ

ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਦਾ ਬਾਦਲਾਂ ਦੇ ਗੜ੍ਹ ਲੰਬੀ ਤੋਂ ਬਿਗਲ ਵਜਾ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਰੈਲੀ ‘ਚ ਸੂਬੇ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਕਾਂਗਰਸ ਨੂੰ ਜਿਤਾ ਕੇ ਪਾਰਟੀ ਨੂੰ ਕੌਮੀ ਪੱਧਰ ‘ਤੇ ਦੇਸ਼ ਸੇਵਾ ਦਾ ਮੌਕਾ ਦੇਣ ਦਾ ਸੱਦਾ ਦਿੱਤਾ। ਰਿਕਾਰਡ ਤੋੜ ਇਕੱਠ ਵਾਲੀ ਰੈਲੀ ‘ਚ ਭਾਵੇਂ ਨਵਾਂ ਕੋਈ ਐਲਾਨ ਨਹੀਂ ਹੋਇਆ ਪਰ ਕੈਪਟਨ ਨੇ ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਕਰਜ਼ਿਆਂ ਸਬੰਧੀ ਆਪਣੀ ਸਰਕਾਰ ਦੀ ਡੇਢ ਸਾਲਾ ਕਾਰਗੁਜ਼ਾਰੀ ਸਬੰਧੀ ਰਿਪੋਰਟ ਕਾਰਡ ਜ਼ਰੂਰ ਪੇਸ਼ ਕੀਤਾ। ਰੈਲੀ ‘ਚ ਕਾਂਗਰਸ ਲੀਡਰਸ਼ਿਪ ਨੇ ਬਾਦਲਾਂ ਉਪਰ ਪੰਥਕ ਅਤੇ ਸਿਆਸੀ ਮਸਲਿਆਂ ਉਤੇ ਤਿੱਖੇ ਸਿਆਸੀ ਹਮਲੇ ਕੀਤੇ। ਕੈਪਟਨ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਦਾ ਮਿਸ਼ਨ-13 ਪੋਸਟਰ ਵੀ ਜਾਰੀ ਕੀਤਾ।
ਜ਼ਿਕਰਯੋਗ ਹੈ ਕਿ ਰੈਲੀ ਵਿਚੋਂ ਕਾਂਗਰਸੀ ਆਗੂ ਮਹੇਸ਼ਇੰਦਰ ਸਿੰਘ ਬਾਦਲ ਦੀ ਗੈਰ ਹਾਜ਼ਰੀ ਵਰਕਰਾਂ ਅਤੇ ਸਿਆਸੀ ਹਲਕਿਆਂ ਨੂੰ ਰੜਕਦੀ ਰਹੀ। ਮਹੇਸ਼ਇੰਦਰ ਸਿੰਘ ਬਾਦਲ ਲੰਬੀ ਹਲਕੇ ‘ਚ ਤਿੰਨ ਵਾਰ ਪ੍ਰਕਾਸ਼ ਸਿੰਘ ਬਾਦਲ ਨੂੰ ਫਸਵੀਂ ਟੱਕਰ ਦੇ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਦੇ ਬੇਅਦਬੀ ਮਾਮਲੇ ਅਤੇ ਇਸ ਤੋਂ ਬਾਅਦ ਵਾਪਰੀਆਂ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਲਈ ਬਾਦਲਾਂ ਨੂੰ ਕੋਰਾ ਝੂਠ ਬੋਲਣ ਦਾ ਦੋਸ਼ੀ ਠਹਿਰਾਇਆ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਹ ਇਸ ਸਮੁੱਚੇ ਘਟਨਾਕ੍ਰਮ ਦੌਰਾਨ ਸੁੱਤੇ ਹੋਏ ਸਨ ਜਦਕਿ ਤਤਕਾਲੀ ਡੀ.ਜੀ.ਪੀ. ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਅੱਗੇ ਬਾਦਲ ਦੇ ਇਸ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡੀ.ਜੀ.ਪੀ. ਨੇ ਉਸ ਰਾਤ 2 ਵਜੇ ਬਾਦਲ ਨਾਲ ਗੱਲਬਾਤ ਕੀਤੀ ਅਤੇ ਉਸ ਤੋਂ ਬਾਅਦ ਆਈ.ਜੀ. ਨਾਲ 22 ਵਾਰ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਬਾਦਲ ਪਿਉ-ਪੁੱਤ ਨੂੰ ਨਸ਼ਿਆਂ ਨਾਲ ਬਰਬਾਦ ਹੋ ਰਹੀ ਨੌਜਵਾਨ ਪੀੜ੍ਹੀ ਬਾਰੇ ਕੁਝ ਵੀ ਪਤਾ ਨਾ ਹੋਣਾ ਸ਼ਰਮਨਾਕ ਗੱਲ ਹੈ।
ਅਕਾਲੀਆਂ ਨੂੰ ਰਗੜੇ ਲਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ 18 ਮਹੀਨਿਆਂ ਦੌਰਾਨ ਕਾਂਗਰਸ ਸਰਕਾਰ ਵੱਲੋਂ ਉਠਾਏ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਅਕਾਲੀਆਂ ਦਾ 10 ਸਾਲ ਦਾ ਸ਼ਾਸਨ ਕੁਸ਼ਾਸਨ ਸੀ। ਉਨ੍ਹਾਂ ਬਾਦਲ ਵੱਲੋਂ ਬੇਅਦਬੀ ਤੇ ਗੋਲੀਬਾਰੀ ਦੇ ਮਾਮਲਿਆਂ ਦੀ ਜਾਂਚ ਲਈ ਬਣਾਏ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ ‘ਤੇ ਆੜੇ ਹੱਥੀਂ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਹ ਬਾਦਲਾਂ ਜਾਂ ਕਿਸੇ ਹੋਰ ਖ਼ਿਲਾਫ ਸਿਆਸੀ ਬਦਲਾਖੋਰੀ ਵਿਚ ਸ਼ਾਮਲ ਨਹੀਂ ਹੋਣਗੇ ਪਰ ਉਨ੍ਹਾਂ ਐਲਾਨ ਕੀਤਾ ਕਿ ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਵਿਚ ਜੋ ਕੋਈ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਕਾਨੂੰਨ ਮੁਤਾਬਕ ਸਜ਼ਾ ਮਿਲੇਗੀ।
ਇਸ ਸਾਲ ਦੇ ਅੰਤ ਤੱਕ ਸਮੁੱਚੇ 10.5 ਲੱਖ ਸੀਮਾਂਤ ਅਤੇ ਛੋਟੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਸਕੀਮ ਦਾ ਲਾਭ ਦੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2017 ਵਿਚ ਪਿਛਲੇ ਸੀਜ਼ਨ ਨਾਲੋਂ ਅਨਾਜ ਦੀ ਖਰੀਦ 36 ਫੀਸਦੀ ਵੱਧ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ 3,93,320 ਨੌਜਵਾਨਾਂ ਨੂੰ ਨੌਕਰੀਆਂ/ਸਵੈ ਰੋਜ਼ਗਾਰ ਦੇ ਮੌਕੇ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਆਪਣੇ ਨਿੱਜੀ ਆਰਥਿਕ ਏਜੰਡੇ ਦੀ ਕੀਮਤ ਔਤੇ ਟਰਾਂਸਪੋਰਟ, ਮੀਡੀਆ, ਰੇਤਾ ਅਤੇ ਬਜਰੀ ਦੇ ਕਾਰੋਬਾਰ ਦੀ ਅਜਾਰੇਦਾਰੀ ਬਣਾ ਕੇ ਸੂਬੇ ਦੀ ਆਰਥਿਕਤਾ ਤਬਾਹ ਕਰ ਦਿੱਤੀ।