ਭਾਜਪਾ ‘ਚ ਸ਼ਾਮਲ ਹੋਣ ਲਈ ਕਾਹਲੇ ਪਏ ਪੰਜਾਬੀ ਨੇਤਾ

 

 

ਭਾਜਪਾ ‘ਚ ਸ਼ਾਮਲ ਹੋਣ ਲਈ ਕਾਹਲੇ ਪਏ ਪੰਜਾਬੀ ਨੇਤਾ

 

ਚੰਡੀਗੜ: ਪੰਥਕ ਹਲਕਿਆਂ ਦੇ ਸਿਰਕੱਢ ਆਗੂ ਭਾਜਪਾ ਵਿੱਚ ਜਾ ਰਹੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਨਜਿੰਦਰ ਸਿਰਸਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਤੇ ਪਾਇਲ ਹਲਕੇ ਤੋਂ ਮੌਜੂਦਾ ਮੈਂਬਰ ਹਰਪਾਲ ਸਿੰਘ ਜੱਲਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਬੰਗਾ ਤੋਂ ਸਾਬਕਾ ਵਿਧਾਇਕ ਮੋਹਨ ਸਿੰਘ ਬੰਗਾ ਵੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ। ਉਹ 3 ਸਾਲ ਪਹਿਲਾਂ ਭਾਜਪਾ ਵਿੱਚ ਸਨ, ਅਤੇ ਹੁਣ ਉਨ੍ਹਾਂ ਦੀ ਫਿਰ ਭਾਜਪਾ ‘ਚ ਵਾਪਸੀ ਹੋਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਲੁਧਿਆਣਾ ਵਿਖੇ ਪਾਰਟੀ ਵਿਚ ਸ਼ਾਮਲ ਕਰਵਾਇਆ।  ਮੋਹਨ ਸਿੰਘ ਬੰਗਾ ਜੋ ਦੋ ਵਾਰ ਬੰਗਾ ਤੋਂ ਵਿਧਾਇਕ ਰਹਿ ਚੁੱਕੇ ਹਨ। ਜਦੋਂ ਮੋਹਨ ਸਿੰਘ ਨੂੰ 2017 ਵਿੱਚ ਅਕਾਲੀ ਦਲ ਵੱਲੋਂ ਟਿਕਟ ਨਾ ਦਿੱਤੀ ਗਈ ਤਾਂ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਫਿਰ ਫਗਵਾੜਾ ਤੋਂ ਟਿਕਟ ਨਾ ਮਿਲਣ ਤੋਂ ਬਾਅਦ ਭਾਜਪਾ ਛੱਡ ਕੇ 2019 ਵਿੱਚ ਕਾਂਗਰਸ ਦਾ ਪੱਲਾ ਫੜ ਲਿਆ ਅਤੇ ਹੁਣ ਫਿਰ ਜਦੋਂ ਕਾਂਗਰਸ ਵੱਲੋਂ ਟਿਕਟ ਦੇਣ ਤੋਂ ਨਾਂਹ ਕਰ ਦਿੱਤੀ।

ਭਾਰਤੀ ਜਨਤਾ ਪਾਰਟੀ ਨੇ ਆਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ ਪੈਰ ਜਮਾਉਣ ਲਈ ਸਿੱਖ ਚਿਹਰੇ ਤਲਾਸ਼ਣੇ ਸ਼ੁਰੂ ਕਰ ਦਿੱਤੇ ਹਨ। ਸੀਨੀਅਰ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਡੀਜੀਪੀ ਸਰਬਦੀਪ ਸਿੰਘ ਵਿਰਕ, ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਤੇ ਅਕਾਲੀ ਆਗੂ ਅਵਤਾਰ ਸਿੰਘ ਜ਼ੀਰਾ, ਉਦਯੋਗਪਤੀ ਹਰਚਰਨ ਸਿੰਘ ਰਣੌਤਾ ਅਤੇ ‘ਆਪ’ ਆਗੂ ਗੁਰਪ੍ਰੀਤ ਸਿੰਘ ਭੱਟੀ ਆਦਿ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਦਿੱਲੀ ਵਿਚ ਇਨ੍ਹਾਂ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਆਮਦ ਨਾਲ ਪੰਜਾਬ ਵਿਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਦੱਸਣਯੋਗ ਹੈ ਕਿ ਜਲੰਧਰ ਕੈਂਟ ਤੋਂ ਚੋਣ ਲੜਨ ਵਾਲੇ ਸਰਬਜੀਤ ਸਿੰਘ ਮੱਕੜ ਸ਼੍ਰੋਮਣੀ ਅਕਾਲੀ ਦਲ ਨਾਲ ਉਦੋਂ ਤੋਂ ਨਾਰਾਜ਼ ਚੱਲੇ ਆ ਰਹੇ ਸਨ ਜਦੋਂ ਤੋਂ ਅਕਾਲੀ ਦਲ ਨੇ ਜਲੰਧਰ ਕੈਂਟ ਤੋਂ ਜਗਬੀਰ ਸਿੰਘ ਬਰਾੜ ਨੂੰ ਉਮੀਦਵਾਰ ਐਲਾਨਿਆ ਹੈ। ਮੱਕੜ ਨੇ ਕਿਹਾ ਕਿ ਉਹ ਜਲਦੀ ਹੀ ਜਲੰਧਰ ਕੈਂਟ ਵਿਚ ਵੱਡਾ ਸਮਾਗਮ ਕਰਕੇ ਆਪਣੇ ਸਾਥੀਆਂ ਨੂੰ ਭਾਜਪਾ ਵਿਚ ਸ਼ਾਮਲ ਕਰਨਗੇ। ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲੇ ਕਿਸਾਨ ਅੰਦੋਲਨ ਕਰਕੇ ਭਾਜਪਾ ਪੰਜਾਬ ‘ਚੋਂ ਪੂਰੀ ਤਰ੍ਹਾਂ ਉੱਖੜ ਚੁੱਕੀ ਸੀ। ਮਨਜਿੰਦਰ ਸਿੰਘ ਸਿਰਸਾ ਦੀ ਸ਼ਮੂਲੀਅਤ ਮਗਰੋਂ ਭਾਜਪਾ ਨੇ ਪੰਜਾਬ ਵਿਚ ਆਪਣੀ ਸਰਗਰਮੀ ਇਕਦਮ ਤੇਜ਼ ਕਰ ਦਿੱਤੀ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਸਾਬਕਾ ਡੀਜੀਪੀ ਵਿਰਕ ਦੀ ਸ਼ਮੂਲੀਅਤ ਦਾ ਸਵਾਗਤ ਕਰਦਿਆਂ ਕਿਹਾ ਕਿ ਰਾਸ਼ਟਰਵਾਦੀ ਲੋਕ ਭਾਜਪਾ ਨਾਲ ਜੁੜ ਰਹੇ ਹਨ। ਭਾਜਪਾ ਦੀ ਇਸ ਸਰਗਰਮੀ ਤੋਂ ਸ਼੍ਰੋਮਣੀ ਅਕਾਲੀ ਦਲ ਅੰਦਰੋ-ਅੰਦਰੀ ਕਾਫ਼ੀ ਖ਼ੌਫ਼ ਵਿਚ ਜਾਪ ਰਿਹਾ ਹੈ। ਸੂਤਰਾਂ ਮੁਤਾਬਕ ਗਜੇਂਦਰ ਸ਼ੇਖਾਵਤ ਦੇ 7 ਦਸੰਬਰ ਨੂੰ ਚੰਡੀਗੜ੍ਹ ਆਉਣ ਦੀ ਸੰਭਾਵਨਾ ਹੈ ਅਤੇ ਉਸੇ ਦਿਨ ਵੱਡੀ ਗਿਣਤੀ ਆਗੂਆਂ ਨੂੰ ਭਾਜਪਾ ਵਿਚ ਸ਼ਾਮਲ ਕਰਨ ਦਾ ਪ੍ਰੋਗਰਾਮ ਹੈ। ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਅਤੇ ਖ਼ਾਸ ਕਰਕੇ ਟਕਸਾਲੀ ਪਰਿਵਾਰਾਂ ‘ਤੇ ਨਿਗ੍ਹਾ ਟਿਕਾ ਰੱਖੀ ਹੈ, ਜਿਨ੍ਹਾਂ ਨੂੰ ਪਾਰਟੀ ਦੇ ਸਿੱਖ ਚਿਹਰਿਆਂ ਵਜੋਂ ਚੋਣ ਮੈਦਾਨ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਭਾਜਪਾ ਸਿੱਖ ਭਾਈਚਾਰੇ ਵਿਚ ਬਣੀ ਨਾਰਾਜ਼ਗੀ ਨੂੰ ਦੂਰ ਕਰਨ ਲਈ ਪੂਰੀ ਵਾਹ ਲਾ ਰਹੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਂ ਭਾਜਪਾ ਨਾਲੋਂ ਵੀ ਕਾਹਲੇ ਦਿਖ ਰਹੇ ਹਨ ਅਤੇ ਭਾਜਪਾ ਨਾਲ ਮਿਲ ਕੇ ਚੋਣ ਲੜਨ ਦਾ ਐਲਾਨ ਕਰ ਚੁੱਕੇ ਹਨ। ਕਾਂਗਰਸ ਦੀ ਸੰਸਦ ਮੈਂਬਰ ਪਰਨੀਤ ਕੌਰ ਨੇ ਵੀ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਹੈ। ਉਧਰ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸੋਢੀ ਨੇ ਕਿਹਾ ਕਿ ਪਾਰਟੀ ਨੇ ਪੰਜਾਬ ਵਿਚ ਮੀਟਿੰਗਾਂ ਦਾ ਜ਼ਿਲ੍ਹਾ ਵਾਈਜ਼ ਅਤੇ ਹਲਕਾ ਵਾਈਜ਼ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ।