Copyright & copy; 2019 ਪੰਜਾਬ ਟਾਈਮਜ਼, All Right Reserved
ਭਾਰਤ ‘ਚ ਲੋਕ ਸਭਾ ਚੋਣਾਂ ਦਾ ਬਿਗੁਲ ਵੱਜਿਆ

ਭਾਰਤ ‘ਚ ਲੋਕ ਸਭਾ ਚੋਣਾਂ ਦਾ ਬਿਗੁਲ ਵੱਜਿਆ

ਲੰਮੀ ਚੋਣ ਪ੍ਰਕਿਰਿਆ ‘ਤੇ ਉਠੇ ਸਵਾਲ

ਨਵੀਂ ਦਿੱਲੀ: ਕੇਂਦਰੀ ਚੋਣ ਕਮਿਸ਼ਨ ਵੱਲੋਂ ਸਤਾਰ੍ਹਵੀਂ ਲੋਕ ਸਭਾ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਨਾਲ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਪਰ ਇੰਨੀ ਲੰਮੀ ਚੋਣ ਪ੍ਰਕਿਰਿਆ ਵੱਡੇ ਸਵਾਲ ਖੜ੍ਹੇ ਕਰਨ ਵਾਲੀ ਹੈ। ਇਹ ਚੋਣਾਂ ਸੱਤ ਪੜਾਵਾਂ ਵਿਚ ਹੋਣਗੀਆਂ। ਪਹਿਲੇ ਪੜਾਅ ਲਈ ਵੋਟਾਂ 11 ਅਪਰੈਲ ਨੂੰ ਪੈਣਗੀਆਂ ਅਤੇ ਆਖਰੀ (ਸੱਤਵੇਂ) ਪੜਾਅ ਲਈ 19 ਮਈ ਨੂੰ। ਪੰਜਾਬ ਤੇ ਚੰਡੀਗੜ੍ਹ ਵਿਚ ਵੋਟਾਂ ਆਖਰੀ ਪੜਾਅ ਦੌਰਾਨ ਹੋਣਗੀਆਂ। ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ। ਉਤਰ ਪ੍ਰਦੇਸ਼, ਬਿਹਾਰ ਅਤੇ ਪੱਛਮੀ ਬੰਗਾਲ ਵਿਚ ਚੋਣ ਪ੍ਰਕਿਰਿਆ ਸੱਤ ਪੜਾਵਾਂ ਵਿਚ ਮੁਕੰਮਲ ਹੋਵੇਗੀ।
ਤੀਜੇ ਪੜਾਅ ਵਿਚ ਸਭ ਤੋਂ ਵੱਧ ਸੀਟਾਂ (115) ਲਈ ਵੋਟਾਂ ਪੈਣਗੀਆਂ। ਇਸ ਦੇ ਨਾਲ-ਨਾਲ ਚਾਰ ਰਾਜਾਂ- ਆਂਧਰਾ ਪ੍ਰਦੇਸ਼, ਸਿੱਕਮ, ਅਰੁਣਾਚਲ ਪ੍ਰਦੇਸ਼ ਅਤੇ ਉੜੀਸਾ ਦੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਵੀ ਹੋਣਗੀਆਂ। ਇਹ ਪਹਿਲੀ ਵਾਰ ਹੈ ਜਦੋਂ ਚੋਣ ਪ੍ਰਕਿਰਿਆ ਨੂੰ ਇੰਨਾ ਲੰਮਾ ਖਿੱਚਿਆ ਗਿਆ ਹੋਵੇ। ਬਿਹਾਰ, ਪੱਛਮੀ ਬੰਗਾਲ ਤੇ ਉਤਰ ਪ੍ਰਦੇਸ਼ ਵਿਚ ਚੋਣਾਂ ਸੱਤ ਪੜਾਵਾਂ ਵਿਚ ਹੋਣਗੀਆਂ। ਆਬਾਦੀ ਪੱਖੋਂ ਦੇਸ਼ ਦਾ ਸਭ ਤੋਂ ਵੱਡਾ ਸੂਬਾ ਹੋਣ ਕਾਰਨ ਉਤਰ ਪ੍ਰਦੇਸ਼ ਵਿਚ ਇੰਨੇ ਪੜਾਵਾਂ ਵਿਚ ਚੋਣਾਂ ਕਰਵਾਉਣ ਦੀ ਗੱਲ ਤਾਂ ਸਮਝ ਆਉਂਦੀ ਹੈ ਪਰ ਬਿਹਾਰ ਤੇ ਪੱਛਮੀ ਬੰਗਾਲ ਵਿਚ ਚੋਣਾਂ ਦਾ ਸੱਤ ਪੜਾਵਾਂ ਵਿਚ ਹੋਣਾ ਹੈਰਾਨੀ ਵਾਲਾ ਫੈਸਲਾ ਹੈ। ਇਸੇ ਤਰ੍ਹਾਂ ਉੜੀਸਾ ਵਿਚ ਚੋਣਾਂ ਚਾਰ ਪੜਾਵਾਂ ਵਿਚ ਹੋਣਗੀਆਂ। ਇਸ ਦੇ ਮੁਕਾਬਲੇ ਆਂਧਰਾ ਪ੍ਰਦੇਸ਼, ਗੁਜਰਾਤ, ਤਿਲੰਗਾਨਾ ਤੇ ਤਾਮਿਲ ਨਾਡੂ ਜਿਹੇ ਵੱਡੇ ਸੂਬਿਆਂ ਵਿਚ ਵੋਟਾਂ ਇਕੋ ਪੜਾਅ ਵਿਚ ਹੀ ਪੈਣਗੀਆਂ।