ਰੁਝਾਨ ਖ਼ਬਰਾਂ
ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦਾ ਹਰ ਪਾਸਿਓਂ ਹੋਇਆ ਵਿਰੋਧ

ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦਾ ਹਰ ਪਾਸਿਓਂ ਹੋਇਆ ਵਿਰੋਧ

ਪਿਸ਼ਾਵਰ : ਲਾਹੌਰ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨ-ਤੋੜ ਦਾ ਮੁੱਦਾ ਭਖ ਗਿਆ ਹੈ। ਦਿੱਲੀ ਤੋਂ ਲੈ ਕੇ ਪਿਸ਼ਾਵਰ ਤੱਕ ਬੁੱਤ ਤੋੜਨ ਦੀ ਕਾਰਵਾਈ ਦਾ ਵਿਰੋਧ ਹੋ ਰਿਹਾ ਹੈ। ਇੰਗਲੈਂਡ ‘ਚ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਨ ਲਈ ਕੱਟੜਵਾਦੀਆਂ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਅਧਿਕਾਰੀ ਇਸ ਦੀ ਮੁਰੰਮਤ ਲਈ ਤੁਰੰਤ ਕਾਰਵਾਈ ਕਰਨ। ਢੇਸੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਕੋਈ ਵਿਦੇਸ਼ੀ ਧਾੜਵੀ ਨਹੀਂ ਸੀ। ਉਨ੍ਹਾਂ ਨੇ ਆਪਣੇ ਰਾਜ ‘ਚ ਮੁਸਲਮਾਨਾਂ, ਹਿੰਦੂਆਂ, ਈਸਾਈਆਂ ਅਤੇ ਸਿੱਖਾਂ ਨੂੰ ਅਹਿਮ ਅਹੁਦਿਆਂ ‘ਤੇ ਤਾਇਨਾਤ ਕੀਤਾ ਹੋਇਆ ਸੀ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਉਸਾਰੀ ਲਈ ਦਾਨ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਸਾਰਿਆਂ ਨੂੰ ਬਰਾਬਰ ਦੀ ਨਜ਼ਰ ਨਾਲ ਦੇਖਦੇ ਸਨ ਪਰ ਹੁਣ ਕੁਝ ਸੌੜੇ ਹਿੱਤਾਂ ਵਾਲੇ ਕੱਟੜਪੰਥੀ ਆਪਣੀ ਸਿਆਸਤ ਚਮਕਾਉਣ ਲਈ ਨਾਪਾਕ ਹਰਕਤਾਂ ਕਰ ਰਹੇ ਹਨ। ਹਾਊਸਿੰਗ ਤੇ ਸ਼ਹਿਰੀ ਮਾਮਲਿਆਂ ਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਟਵੀਟ ਕਰਕੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਦੀ ਸਖ਼ਤ ਨਿੰਦਾ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਉਪ ਮਹਾਦੀਪ ਦੇ ਸਾਂਝੇ ਇਤਿਹਾਸ ਨੂੰ ਮਿਟਾਉਣ ਦੀ ਕੋਸ਼ਿਸ਼ ਹੈ।
ਉਧਰ ਪਿਸ਼ਾਵਰ ਦੇ ਸਿੱਖਾਂ ਨੇ ਕਿਹਾ ਹੈ ਕਿ ਜੇਕਰ ਲਹਿੰਦੇ ਪੰਜਾਬ ਦੀ ਸਰਕਾਰ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਰਾਖੀ ਨਹੀਂ ਕਰ ਸਕਦੀ ਹੈ ਤਾਂ ਉਹ ਉਸ ਨੂੰ ਲਾਹੌਰ ਕਿਲੇ ਤੋਂ ਪਿਸ਼ਾਵਰ ਲੈ ਕੇ ਆ ਜਾਣਗੇ। ਮਹਾਰਾਜਾ ਰਣਜੀਤ ਸਿੰਘ ਦੇ ਕਾਂਸੇ ਦਾ 9 ਫੁੱਟ ਲੰਬਾ ਬੁੱਤ ਮੰਗਲਵਾਰ ਨੂੰ ਤਹਿਰੀਕ-ਏ-ਲਬਾਇਕ ਪਾਕਿਸਤਾਨ ਦੇ ਕਾਰਕੁਨਾਂ ਨੇ ਤੋੜ ਦਿੱਤਾ ਸੀ। ਸਿੱਖ ਆਗੂ ਗੁਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਇਕ ਵਫ਼ਦ ਲਾਹੌਰ ਜਾਵੇਗਾ ਅਤੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਪਿਸ਼ਾਵਰ ਲੈ ਕੇ ਆਉਣ ਦੀ ਕੋਸ਼ਿਸ਼ ਕਰੇਗਾ। ਗੁਰਪਾਲ ਸਿੰਘ ਨੇ ਕਿਹਾ ਕਿ ਬੁੱਤ ਦੀ ਵਾਰ ਵਾਰ ਹੁੰਦੀ ਭੰਨ-ਤੋੜ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਪਿਛਲੇ ਸਾਲ ਲਾਹੌਰ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਇਕ ਬਾਂਹ ਤੋੜ ਦਿੱਤੀ ਗਈ ਸੀ। ਅਗਸਤ 2019 ‘ਚ ਵੀ ਦੋ ਨੌਜਵਾਨਾਂ ਨੇ ਬੁੱਤ ਦੀ ਭੰਨ-ਤੋੜ ਕੀਤੀ ਸੀ। ਇਸ ਦੌਰਾਨ ਦਿੱਲੀ ‘ਚ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਦੀ ਅਗਵਾਈ ਹੇਠ ਪਾਕਿਸਤਾਨ ਹਾਈ ਕਮਿਸ਼ਨ ਨੇੜੇ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਗੁਪਤਾ ਨੇ ਕਿਹਾ ਕਿ ਮੰਗਲਵਾਰ ਨੂੰ ਪਾਕਿਸਤਾਨ ਵਿੱਚ ਜੋ ਕੁਝ ਹੋਇਆ, ਉਸ ਵਿੱਚ ਸ਼ਾਮਲ ਲੋਕਾਂ ਦੀ ਮਾਨਸਿਕਤਾ ਅਤੇ ਕੱਟੜਵਾਦ ਨੂੰ ਦਰਸਾਉਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਭੰਨ-ਤੋੜ ਦੀ ਕਾਰਵਾਈ ਵਿੱਚ ਸ਼ਾਮਲ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।