Copyright & copy; 2019 ਪੰਜਾਬ ਟਾਈਮਜ਼, All Right Reserved
ਬੇਅਦਬੀ ਕਾਂਡ : ਕੁੰਵਰ ਵਿਜੈ ਪ੍ਰਤਾਪ ਦੀ ‘ਸਿੱਟ’ ਵਿਚ ਵਾਪਸੀ

ਬੇਅਦਬੀ ਕਾਂਡ : ਕੁੰਵਰ ਵਿਜੈ ਪ੍ਰਤਾਪ ਦੀ ‘ਸਿੱਟ’ ਵਿਚ ਵਾਪਸੀ

ਚੰਡੀਗੜ੍ਹ: ਪੰਜਾਬ ਪੁਲਿਸ ਦੇ ਚਰਚਿਤ ਅਧਿਕਾਰੀ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਦੀ ਬੇਅਦਬੀ ਘਟਨਾ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਕੀਤੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਮੈਂਬਰ ਵਜੋਂ ਵੀ ਬਹਾਲ ਕਰ ਦਿੱਤਾ ਹੈ। ਇਸ ਪੁਲਿਸ ਅਧਿਕਾਰੀ ਨੂੰ ਆਈ.ਜੀ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਕੈਪਟਨ ਸਰਕਾਰ ਵੱਲੋਂ ਚੋਣ ਜ਼ਾਬਤਾ ਖਤਮ ਹੋਣ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਦੀ ਸ਼ਿਕਾਇਤ ਦੇ ਆਧਾਰ ‘ਤੇ ਚੋਣ ਕਮਿਸ਼ਨ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਬੀ.ਓ.ਆਈ. (ਬਿਊਰੋ ਆਫ ਇੰਨਵੈਸਟੀਗੇਸ਼ਨ) ਅਤੇ ਓਕੂ (ਸੰਗਠਿਤ ਅਪਰਾਧ ਰੋਕੂ ਯੂਨਿਟ) ਵਿਚੋਂ ਤਬਦੀਲ ਕਰਕੇ ਅੰਮ੍ਰਿਤਸਰ ਵਿਚ ਆਈ.ਜੀ. ਕਾਊਂਟਰ ਇੰਟੈਲੀਜੈਂਸ ਵਜੋਂ ਤਾਇਨਾਤ ਕਰ ਦਿੱਤਾ ਸੀ। ਦੂਜੇ ਪਾਸੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਨਾਮ ਨਾ ਛਾਪਣ ਦੀ ਸ਼ਰਤ ‘ਤੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਦੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਦੇ ਹੁਕਮ ਦਿੱਤੇ ਗਏ ਸਨ ਤਾਂ ਬੀ.ਓ.ਆਈ. ਅਤੇ ਓਕੂ ਵਿਚੋਂ ਹੀ ਤਬਦੀਲ ਕੀਤਾ ਗਿਆ ਸੀ ਜਦਕਿ ਐਸ਼ਆਈ.ਟੀ. ਵਿਚੋਂ ਤਾਂ ਹਟਾਇਆ ਹੀ ਨਹੀਂ ਸੀ ਗਿਆ। ਪੰਥਕ ਜਥੇਬੰਦੀਆਂ ਵਲੋਂ ਇਸ ਪੁਲਿਸ ਅਧਿਕਾਰੀ ਨੂੰ ਐਸ਼ਆਈ.ਟੀ. ਵਿਚੋਂ ਤਬਦੀਲ ਕਰਨ ਦੇ ਮਾਮਲੇ ‘ਤੇ ਵਿਵਾਦ ਖੜ੍ਹਾ ਕੀਤਾ ਗਿਆ ਸੀ ਤੇ ਚੋਣ ਕਮਿਸ਼ਨ ਦੇ ਨਵੀਂ ਦਿੱਲੀ ਦਫਤਰ ਤੱਕ ਵੀ ਪਹੁੰਚ ਕੀਤੀ ਗਈ ਸੀ।