Copyright © 2019 - ਪੰਜਾਬੀ ਹੇਰਿਟੇਜ
ਬੇਅਦਬੀ ਕਾਂਡ : ਪੰਜਾਬ ਵਿਧਾਨ ਸਭਾ ‘ਚ ਅੱਠ ਘੰਟੇ ਦੀ ਬਹਿਸ ਸਿਰਫ਼ ਫਾਰਮੈਲਟੀ : ਫੂਲਕਾ

ਬੇਅਦਬੀ ਕਾਂਡ : ਪੰਜਾਬ ਵਿਧਾਨ ਸਭਾ ‘ਚ ਅੱਠ ਘੰਟੇ ਦੀ ਬਹਿਸ ਸਿਰਫ਼ ਫਾਰਮੈਲਟੀ : ਫੂਲਕਾ

ਚੰਡੀਗੜ੍ਹ, ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀਆਂ ਦੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਵਾਪਸ ਲੈ ਕੇ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ (ਐਸ ਆਈ ਟੀ) ਨੂੰ ਦੇਣ ਦਾ ਮਤਾ ਪਾਸ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿੱਚ ਇਹ ਪ੍ਰਸਤਾਵ ਪਾਸ ਕੀਤਾ। ਪਰ ਸਦਨ ਵਿੱਚ ਪਾਸ ਹੋਏ ਮਾਮਲੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨਾਖੁਸ਼ ਰਹੇ। ਉਨ੍ਹਾਂ ਕਿਹਾ ਕਿ ਅੱਠ ਘੰਟੇ ਦੀ ਸਦਨ ਦੀ ਬਹਿਸ ਸਿਰਫ ਇੱਕ ਫਾਰਮੈਲਿਟੀ ਸੀ ਜਿਸ ਵਿੱਚ ਕੈਪਟਨ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਨਾਲ ਦੁਬਾਰਾ ਖੇਡ ਖੇਡੀ ਹੈ। ਫੂਲਕਾ ਨੇ ਸਰਕਾਰ ਦੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਐਕਸ਼ਨ ਟੇਕਨ ਰਿਪੋਰਟ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਵੱਡੇ ਲੀਡਰਾਂ ਨੂੰ ਬਖਸ਼ਿਆ ਗਿਆ ਤੇ ਛੋਟਿਆਂ ਤੇ ਗਿਰੀ ਗਾਜ਼? ਫੂਲਕਾ ਨੇ ਮੰਗ ਕੀਤੀ ਕਿ ਜੇਕਰ ਸਰਕਾਰ ਬੇਅਦਬੀ ਮਾਮਲਿਆਂ ‘ਚ ਇਨਸਾਫ ਕਰਦੀ ਤਾਂ ਅੱਜ ਸਦਨ ਵਿੱਚ ਅਕਾਲੀ ਦਲ ਲੀਡਰਾਂ ਤੇ ਪੁਲਿਸ ਅਫਸਰਾਂ ਦੇ ਖਿਲਾਫ ਮਾਮਲਾ ਦਰਜ ਕਰਨ ਦਾ ਪ੍ਰਸਤਾਵ ਪਾਸ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਅਕਾਲੀ ਲੀਡਰ ਤੇ ਵੱਡੇ ਅਫਸਰਾਂ ਦਾ ਨਾਮ ਹੈ ਪਰ ਐਕਸ਼ਨ ਟੇਕਨ ਰਿਪੋਰਟ ਦੇ ਵਿੱਚ ਸਿਰਫ਼ ਪੰਜਾਬ ਦੇ ਛੋਟੇ ਪੁਲਿਸ ਕਰਮੀਆਂ ਦਾ ਹੀ ਨਾਮ ਹੈ।

ਖਹਿਰਾ ਵਲੋਂ ਬਾਦਲਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਸਰਕਾਰ ਨੂੰ ਦਿੱਤਾ ਜਾਵੇਗਾ ਅਲਟੀਮੇਟਮ
ਸੁਖਪਾਲ ਸਿੰਘ ਖਹਿਰਾ ਨੇ ਐਲਾਨ ਕੀਤਾ ਕਿ ਅਗਲੇ ਹਫ਼ਤੇ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਨਾਲ ਸਲਾਹ ਮਸ਼ਵਰਾ ਕਰਕੇ ਪੰਜਾਬ ਸਰਕਾਰ ਨੂੰ 40 ਦਿਨਾਂ ਦਾ ਅਲਟੀਮੇਟਮ ਦਿੱਤਾ ਜਾਵੇਗਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਅਤੇ ਡੇਰਾ ਸਿਰਸਾ ਦੇ ਮੁਖੀ ਨੂੰ ਬਾਜਾਖਾਨਾ ਪੁਲੀਸ ਥਾਣੇ ‘ਚ ਦਰਜ ਕੀਤੇ ਕੇਸ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਜੇਕਰ ਅਜਿਹਾ ਨਾ ਹੋਇਆ ਤਾਂ ਪੰਜਾਬ ਵਿੱਚ ਕੋਈ ਵੱਡਾ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨ੍ਹਾਂ ਪਹਿਲੀ ਸਤੰਬਰ ਨੂੰ ਪੰਜਾਬ ਭਰ ਵਿੱਚ ਪੰਥ ਦੇ ‘ਗੱਦਾਰਾਂ’ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਸਮੂਹ ਜਥੇਬੰਦੀਆਂ ਨੂੰ ਰੋਸ ਪ੍ਰਦਰਸ਼ਨਾਂ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਖਹਿਰਾ ਨੇ ਇਥੇ ਪਾਰਟੀ ਵਾਲੰਟੀਅਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਖਹਿਰਾ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ‘ਤੇ ਬਹਿਸ ਦੌਰਾਨ ਵਿਧਾਨ ਸਭਾ ਵਿੱਚ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਜਾਂਚ ਰਿਪੋਰਟ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਪਰ ਮੁੱਖ ਮੰਤਰੀ ਵੱਲੋਂ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦੀ ਕਦਰ ਨਹੀਂ ਪਾਈ ਅਤੇ ਬਾਦਲਾਂ ਨੂੰ ਬਚਾਉਣ ਲਈ ਮਾਮਲੇ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ, ਕਿਉਂਕਿ ਮੁੱਖ ਮੰਤਰੀ ਪੰਜਾਬ ਦੀ ਬਾਦਲਾਂ ਨਾਲ ਕਥਿਤ ਮਿਲੀਭੁਗਤ ਹੈ।
ਉਨ੍ਹਾਂ ਅਕਾਲੀ ਵਰਕਰਾਂ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਵੱਡੇ ਆਗੂ ਤਾਂ ਪੰਥ ਦੇ ਕਥਿਤ ‘ਗੱਦਾਰ’ ਸਾਬਤ ਹੋ ਗਏ ਹਨ। ਇਸ ਲਈ ਉਨ੍ਹਾਂ ਦਾ ਖਹਿੜਾ ਛੱਡ ਦੇਣ, ਕਿਉਂਕਿ ਜਿਹੜੇ ਅਕਾਲੀ ਗੁਰੂ ਗ੍ਰੰਥ ਸਾਹਿਬ ਦੇ ਨਹੀਂ ਹੋ ਸਕੇ, ਉਹ ਕਿਸੇ ਦੇ ਨਹੀਂ ਹੋ ਸਕਦੇ।
ਸ੍ਰੀ ਖਹਿਰਾ ਨੇ ਕਿਹਾ ਕਿ ਉਨ੍ਹਾਂ ਤੇ ਉਸਦੇ ਸਾਥੀ ਵਿਧਾਇਕਾਂ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਦਾ ਬੀੜਾ ਚੁੱਕਿਆ ਹੈ, ਕਿਉਂਕਿ ਪਾਰਟੀ ਕਿਸੇ ਇੱਕ ਵਿਅਕਤੀ ਦੀ ਨਹੀਂ ਹੈ। ਖਹਿਰਾ ਨੇ ਹੋਰ ਪਾਰਟੀ ਵਿਧਾਇਕਾਂ ਨੂੰ ਵੀ ਆਪਣੀ ਜ਼ਮੀਰ ਦੀ ਅਵਾਜ਼ ਸੁਣਨ ਦੀ ਅਪੀਲ ਕੀਤੀ। ਵਿਧਾਇਕ ਪਿਰਮਲ ਸਿੰਘ ਖਾਲਸਾ ਨੇ ਸ੍ਰੀ ਖਹਿਰਾ ਦੀ ਅਗਵਾਈ ਹੇਠ ਸੰਗਰੂਰ ‘ਚ 16 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕਰਨ ਦਾ ਐਲਾਨ ਕੀਤਾ।