ਜਥੇਦਾਰ ਗੜਗੱਜ ਨੇ ਜੇਲ੍ਹ ਤੇ ਪੁਲੀਸ ਪ੍ਰਸ਼ਾਸਨ ‘ਤੇ ਖੜ੍ਹੇ ਕੀਤੇ ਸਵਾਲ
ਪਟਿਆਲਾ : ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਕੈਦੀ ਸੰਦੀਪ ਸਿੰਘ ਅੰਮ੍ਰਿਤਸਰੀ ਦੇ ਪਰਿਵਾਰ ਵੱਲੋਂ ਜੇਲ੍ਹ ਅਤੇ ਪੁਲੀਸ ਅਧਿਕਾਰੀਆਂ ਉੱਤੇ ਲਾਏ ਤਸ਼ੱਦਦ ਦੇ ਦੋਸ਼ਾਂ ਦਾ ਨੋਟਿਸ ਲੈਂਦਿਆਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਜਥੇਦਾਰ ਨੇ ਕਿਹਾ ਕਿ 15 ਸਤੰਬਰ ਨੂੰ ਪਟਿਆਲਾ ਅਦਾਲਤ ਨੇ ਸੰਦੀਪ ਸਿੰਘ ਦੀ ਮੈਡੀਕਲ ਜਾਂਚ ਦੇ ਆਦੇਸ਼ ਦਿੱਤੇ ਸਨ ਅਤੇ 17 ਸਤੰਬਰ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ, ਪਰ ਹੁਣ ਤੱਕ ਜੇਲ੍ਹ ਪ੍ਰਸ਼ਾਸਨ ਵੱਲੋਂ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ, ਸੰਦੀਪ ਸਿੰਘ ਨੂੰ ਪਟਿਆਲਾ ਤੋਂ ਸੰਗਰੂਰ ਜੇਲ੍ਹ ਵਿੱਚ ਤਬਦੀਲ ਕਰਨਾ ਵੀ ਚਿੰਤਾ ਦਾ ਵਿਸ਼ਾ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਜੇਲ੍ਹ ਅਤੇ ਪੁਲੀਸ ਅਧਿਕਾਰੀਆਂ ਦਾ ਰਵੱਈਆ ਗੰਭੀਰ ਸਵਾਲ ਖੜ੍ਹੇ ਕਰਦਾ ਹੈ ਕਿਉਂਕਿ ਇਹ ਮਾਮਲਾ ਉਹਨਾਂ ਪੁਲੀਸ ਅਧਿਕਾਰੀਆਂ ਨਾਲ ਵੀ ਜੁੜਿਆ ਹੋਇਆ ਹੈ ਜੋ ਸਿੱਖ ਨੌਜਵਾਨਾਂ ਦੇ ਕਤਲੇਆਮ ਵਾਲੇ ਕੇਸਾਂ ਵਿੱਚ ਸਜ਼ਾ ਕੱਟ ਰਹੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਬਿਨਾਂ ਦੇਰੀ ਸੰਦੀਪ ਸਿੰਘ ਦੀ ਮੈਡੀਕਲ ਜਾਂਚ ਕਰਵਾਈ ਜਾਵੇ ਅਤੇ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇ। ਜਥੇਦਾਰ ਨੇ ਇਹ ਵੀ ਕਿਹਾ ਕਿ ਜੇ ਤਸ਼ੱਦਦ ਸਾਬਤ ਹੁੰਦਾ ਹੈ ਤਾਂ ਜੇਲ੍ਹ ਅਤੇ ਪੁਲੀਸ ਅਧਿਕਾਰੀਆਂ ਵਿਰੁੱਧ ਫੌਜਦਾਰੀ ਕੇਸ ਦਰਜ ਕਰਕੇ ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ।
ਦੂਜੇ ਪਾਸੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਇਸ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਰਵੱਈਆ ਦੁਖਦਾਈ ਅਤੇ ਬੇਇਨਸਾਫ਼ੀ ਵਾਲਾ ਹੈ। ਉਨ੍ਹਾਂ ਦੱਸਿਆ ਕਿ ਸੰਦੀਪ ਸਿੰਘ ਨਾਲ ਹੋਏ ਝਗੜੇ ਦੀ ਨਿਰਪੱਖ ਜਾਂਚ ਕਰਨ ਦੀ ਬਜਾਇ ਉਸ ਨਾਲ ਕੁੱਟਮਾਰ ਕਰਨੀ ਅਤੇ ਪਰਿਵਾਰ ਨਾਲ ਨਾ ਮਿਲਣ ਦੇਣਾ ਚਿੰਤਾਜਨਕ ਹੈ। ਧਾਮੀ ਨੇ ਕਿਹਾ ਕਿ ਅਦਾਲਤ ਵੱਲੋਂ ਰਾਜਿੰਦਰਾ ਹਸਪਤਾਲ ਵਿੱਚ ਮੈਡੀਕਲ ਦੇ ਆਦੇਸ਼ਾਂ ਨੂੰ ਨਾ ਲਾਗੂ ਕਰਨਾ ਕਾਨੂੰਨੀ ਪ੍ਰਕਿਰਿਆ ਨਾਲ ਛੇੜਛਾੜ ਹੈ ਅਤੇ ਇਸ ਰਾਹੀਂ ਉਹਨਾਂ ਪੁਲੀਸ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਝੂਠੇ ਮੁਕਾਬਲਿਆਂ ਦੇ ਕੇਸਾਂ ਵਿੱਚ ਸਜ਼ਾ ਭੁਗਤ ਰਹੇ ਹਨ।

