ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿੱਚ ਬੀਤੇ ਦਿਨ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ ਜਦੋਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਵਿਦਿਆਰਥੀਆਂ ਦੇ ਜਮਹੂਰੀ ਹੱਕਾਂ ਨੂੰ ਕੁਚਲਦਿਆਂ ਉਨ੍ਹਾਂ ‘ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ । ਇਹ ਹੰਗਾਮਾ ਯੂਨੀਵਰਸਿਟੀ ਦੇ ਲਾਅ ਆਡੀਟੋਰੀਅਮ ਵਿੱਚ ਆਯੋਜਿਤ ਇੱਕ ਸੈਮੀਨਾਰ ਦੇ ਵਿਰੋਧ ਦੌਰਾਨ ਹੋਇਆ, ਜਿਸ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਵਿਸ਼ੇ ‘ਤੇ ਭਾਜਪਾ ਅਤੇ ਆਰ.ਐੱਸ.ਐੱਸ. ਨਾਲ ਜੁੜੇ ਬੁਲਾਰਿਆਂ ਨੂੰ ਸੱਦਾ ਦਿੱਤਾ ਗਿਆ ਸੀ । ਇਸ ਘਟਨਾ ਦੌਰਾਨ ਪੁਲਿਸ ਦੀ ਖਿੱਚ-ਧੂਹ ਵਿੱਚ ਕਈ ਸਿੱਖ ਵਿਦਿਆਰਥੀਆਂ ਦੀਆਂ ਦਸਤਾਰਾਂ ਲੱਥ ਗਈਆਂ, ਜਿਸ ਕਾਰਨ ਨਾ ਸਿਰਫ਼ ਵਿਦਿਆਰਥੀਆਂ ਵਿੱਚ ਰੋਸ ਹੈ, ਸਗੋਂ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਡੂੰਘੀ ਠੇਸ ਪਹੁੰਚੀ ਹੈ ।
ਘਟਨਾ ਦੇ ਵਿਸਥਾਰ ਅਨੁਸਾਰ, ਯੂਨੀਵਰਸਿਟੀ ਵੱਲੋਂ ‘ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਅਤੇ ਪੰਜ ਪਿਆਰੇ’ ਵਿਸ਼ੇ ’ਤੇ ਇੱਕ ਸੈਮੀਨਾਰ ਰੱਖਿਆ ਗਿਆ ਸੀ । ਇਸ ਪ੍ਰੋਗਰਾਮ ਵਿੱਚ ਆਰ.ਐੱਸ.ਐੱਸ. ਦੇ ਉੱਤਰੀ ਜ਼ੋਨ ਪ੍ਰਚਾਰਕ ਬਨਵੀਰ ਸਿੰਘ ਅਤੇ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਣੇ ਸਨ । ‘ਸੱਥ’, ਪੀ.ਐੱਸ.ਯੂ. (ਲਲਕਾਰ) ਅਤੇ ਐੱਸ.ਐੱਫ.ਐੱਸ. ਵਰਗੀਆਂ ਵਿਦਿਆਰਥੀ ਜਥੇਬੰਦੀਆਂ ਨੇ ਇਨ੍ਹਾਂ ਬੁਲਾਰਿਆਂ ਦੀ ਸ਼ਮੂਲੀਅਤ ਦਾ ਸਖ਼ਤ ਵਿਰੋਧ ਕੀਤਾ । ਵਿਦਿਆਰਥੀਆਂ ਦਾ ਤਰਕ ਸੀ ਕਿ ਇਹ ਬੁਲਾਰੇ ਸਿੱਖ ਇਤਿਹਾਸ ਨੂੰ ਇੱਕ ਖਾਸ ਰਾਜਨੀਤਿਕ ਵਿਚਾਰਧਾਰਾ ਦੇ ਤਹਿਤ ਤੋੜ-ਮਰੋੜ ਕੇ ਪੇਸ਼ ਕਰਨਾ ਚਾਹੁੰਦੇ ਹਨ । ਵਿਦਿਆਰਥੀਆਂ ਨੇ ਦੋ ਦਿਨ ਪਹਿਲਾਂ ਡੀਨ ਨੂੰ ਪੱਤਰ ਲਿਖ ਕੇ ਸੈਮੀਨਾਰ ਰੱਦ ਕਰਨ ਦੀ ਮੰਗ ਕੀਤੀ ਸੀ, ਪਰ ਪ੍ਰਸ਼ਾਸਨ ਨੇ ਇਸ ਨੂੰ ਅਣਗੌਲਿਆ ਕਰ ਦਿੱਤਾ । ਵਾਈਸ ਚਾਂਸਲਰ ਪ੍ਰੋਫੈਸਰ ਰੇਨੂ ਵਿੱਗ ਦੀ ਮੌਜੂਦਗੀ ਨੂੰ ਵਿਦਿਆਰਥੀਆਂ ਨੇ ਪ੍ਰਸ਼ਾਸਨ ਦੀ ਮਿਲੀਭੁਗਤ ਵਜੋਂ ਵੇਖਿਆ ।
ਜਦੋਂ ਸੈਮੀਨਾਰ ਸ਼ੁਰੂ ਹੋਇਆ ਤਾਂ ਵਿਦਿਆਰਥੀਆਂ ਨੇ ਸ਼ਾਂਤਮਈ ਪ੍ਰਦਰਸ਼ਨ ਕਰਨਾ ਚਾਹਿਆ, ਪਰ ਉੱਥੇ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਤਾਇਨਾਤ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ । ਵਿਦਿਆਰਥੀ ਕੌਂਸਲ ਦੇ ਮੀਤ ਪ੍ਰਧਾਨ ਅਸ਼ਮੀਤ ਸਿੰਘ ਨੇ ਦੋਸ਼ ਲਾਇਆ ਕਿ ਜਦੋਂ ਉਹ ਆਪਣੀ ਗੱਲ ਰੱਖਣ ਦੀ ਕੋਸ਼ਿਸ਼ ਕਰ ਰਹੇ ਸੀ, ਤਾਂ ਪੁਲਿਸ ਨੇ ਬਿਨਾਂ ਕਿਸੇ ਚਿਤਾਵਨੀ ਦੇ ਲਾਠੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ । ਪੁਲਿਸ ਨੇ ਵਿਦਿਆਰਥੀਆਂ ਨੂੰ ਖਿੱਚ ਕੇ ਵੈਨਾਂ ਵਿੱਚ ਸੁੱਟਿਆ, ਜਿਸ ਦੌਰਾਨ ਕਈ ਨੌਜਵਾਨਾਂ ਦੀਆਂ ਪੱਗਾਂ ਪੈਰਾਂ ਹੇਠ ਆਈਆਂ । ਅਸ਼ਮੀਤ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਚੰਡੀਗੜ੍ਹ ਪੁਲਿਸ ਦੀ ਮਦਦ ਨਾਲ ਇਸ ਵਿਦਿਅਕ ਅਦਾਰੇ ਨੂੰ ਆਰ.ਐੱਸ.ਐੱਸ. ਦਾ ਬੌਧਿਕ ਅੱਡਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਨੂੰ ਕਦੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ । ਹੋਰ ਵਿਦਿਆਰਥੀ ਆਗੂਆਂ ਜੋਬਨ ਸਿੰਘ ਅਤੇ ਸੰਦੀਪ ਨੇ ਵੀ ਆਰ.ਐੱਸ.ਐੱਸ. ਦੀ ਵਿਚਾਰਧਾਰਾ ਨੂੰ ਘੱਟ ਗਿਣਤੀਆਂ ਦੇ ਵਿਰੋਧੀ ਦੱਸਦਿਆਂ ਇਸ ਕਾਰਵਾਈ ਦੀ ਨਿੰਦਾ ਕੀਤੀ । ਇਸ ਪੁਲਸੀਆ ਜਬਰ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਸਿੱਖ ਜਗਤ ਵਿੱਚ ਤਿੱਖਾ ਪ੍ਰਤੀਕਰਮ ਦੇਖਣ ਨੂੰ ਮਿਲਿਆ ਹੈ । ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰਨਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਮੰਗ ਕੀਤੀ ਕਿ ਇਸ ਘਿਨਾਉਣੀ ਕਾਰਵਾਈ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਇਸ ਨੂੰ ਸਿੱਖੀ ਗੌਰਵ ਦਾ ਅਪਮਾਨ ਦੱਸਦਿਆਂ ਕਿਹਾ ਕਿ ਲੋਕਤੰਤਰ ਵਿੱਚ ਵਿਦਿਆਰਥੀਆਂ ਨੂੰ ਵਿਰੋਧ ਕਰਨ ਦਾ ਪੂਰਾ ਹੱਕ ਹੈ ਅਤੇ ਇਸ ਤਰ੍ਹਾਂ ਬਲ ਪ੍ਰਯੋਗ ਕਰਨਾ ਬੇਹੱਦ ਨਿੰਦਣਯੋਗ ਹੈ । ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੇ ਵੀ ਇਸ ਨੂੰ ਵਿਦਿਆਰਥੀ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ ।
ਦੂਜੇ ਪਾਸੇ, ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੇ ਇਸ ਕਾਰਵਾਈ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਇਹ ਕਦਮ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਚੁੱਕਿਆ ਗਿਆ ਸੀ । ਪੁਲਿਸ ਮੁਤਾਬਕ ਵਿਦਿਆਰਥੀਆਂ ਨੇ ਸੈਮੀਨਾਰ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਸੀ ਅਤੇ ਉਹ ਹਿੰਸਕ ਹੋ ਗਏ ਸਨ, ਹਾਲਾਂਕਿ ਵਿਦਿਆਰਥੀ ਜਥੇਬੰਦੀਆਂ ਨੇ ਇਨ੍ਹਾਂ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਦੱਸਿਆ ਹੈ । ਏ.ਬੀ.ਵੀ.ਪੀ. ਦੇ ਪ੍ਰਧਾਨ ਆਸ਼ੀਸ਼ ਸ਼ਰਮਾ ਨੇ ਇਸ ਨੂੰ ਇੱਕ ਅਕਾਦਮਿਕ ਪ੍ਰੋਗਰਾਮ ਦੱਸਿਆ ਅਤੇ ਰਾਜਨੀਤੀ ਤੋਂ ਪ੍ਰੇਰਿਤ ਵਿਰੋਧ ਦੀ ਨਿੰਦਾ ਕੀਤੀ । ਫਿਲਹਾਲ ਯੂਨੀਵਰਸਿਟੀ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ ਅਤੇ ਲਗਭਗ 40 ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਇਹ ਮੁੱਦਾ ਹੋਰ ਗਰਮਾਉਣ ਦੀ ਸੰਭਾਵਨਾ ਹੈ । ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਵਿਦਿਆਰਥੀ ਜਥੇਬੰਦੀਆਂ ਨੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ ।

