ਸਰੀ, (ਸਿਮਰਨਜੀਤ ਸਿੰਘ): ਸਰੀ ਦੀ ਸੂਬਾਈ ਅਦਾਲਤ ਦੇ ਜੱਜ ਮਾਰਕ ਜੇਟੀ ਨੇ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਹਰਦੀਪ ਸਿੰਘ ਨਿੱਝਰ ਦੇ ਹਾਈ-ਪ੍ਰੋਫਾਈਲ ਕਤਲ ਕੇਸ ਦੀ ਸੁਣਵਾਈ 1 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ। 15 ਮਈ ਤੋਂ ਬਾਅਦ ਇਹ ਇਸ ਕੇਸ ਦੀ ਚੌਥੀ ਮੁਲਤਵੀ ਹੈ। ਕਿਉਂਕਿ ਬਚਾਅ ਪੱਖ ਦੇ ਵਕੀਲਾਂ ਵਲੋਂ ਆਪਣੇ ਦਸਤਾਵੇਜ਼ਾਂ ਪੇਸ਼ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਸੁਣਵਾਈ ਮੁਲਤਵੀ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਭਾਈ ਨਿੱਝਰ ਦਾ 18 ਜੂਨ, 2023 ਨੂੰ ਨਿਊਟਨ ਵਿੱਚ ਸਕਾਟ ਰੋਡ ਦੇ 7000-ਬਲਾਕ ਵਿੱਚ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰੇ ਦੀ ਪਾਰਕਿੰਗ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।
ਇਸ ਮਾਮਲੇ ਵਿੱਚ ਪੁਲਿਸ ਵਲੋਂ ਮੁਲਜ਼ਮ ਅਮਨਦੀਪ ਸਿੰਘ (22), ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ‘ਤੇ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਆਇਦ ਕੀਤੇ ਗਏ ਹਨ । 7 ਅਗਸਤ ਨੂੰ ਕ੍ਰਾਊਨ ਪ੍ਰੌਸੀਕਿਊਟਰ ਲੁਈਸ ਕੇਨਵਰਥੀ ਦੇ ਨਾਲ, ਟੀਮਜ਼ ‘ਤੇ ਵੀਡੀਓ ਰਾਹੀਂ ਚਾਰ ਬਚਾਅ ਵਕੀਲ ਪੇਸ਼ ਹੋਏ ਅਤੇ ਉਨ੍ਹਾਂ ਸੁਣਵਾਈ ਮੁਲਤਵੀ ਕਰਨ ਦੀ ਬੇਨਤੀ ਕੀਤੀ ਸੀ। ਉਨ੍ਹਾਂ ਨੇ ਜੱਜ ਮਾਰਕ ਜੇਟੀ ਨੂੰ ਦੱਸਿਆ, “ਕਰਾਊਨ ਇਸ ਮਾਮਲੇ ਵਿੱਚ ਬਚਾਅ ਪੱਖ ਨੂੰ ਖੁਲਾਸਾ ਕਰਨ ਲਈ ਪੂਰੀ ਲਗਨ ਨਾਲ ਕੰਮ ਕਰ ਰਿਹਾ ਹੈ,” ਪਰ ਮੈਂ ਆਪਣੇ ਦੋਸਤਾਂ ਨੂੰ ਸਲਾਹ ਦਿੱਤੀ ਹੈ ਕਿ ਇਸ ਮਾਮਲੇ ਵਿੱਚ ਠੋਸ ਖੁਲਾਸਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿੱਚ ਕੁਝ ਮਹੀਨੇ ਹੋਰ ਲੱਗਣਗੇ।
ਉਸਨੇ ਅੱਗੇ ਦੱਸਿਆ ਕਿ ਮੁਕੱਦਮੇ ਦੀ ਸੁਣਵਾਈ ਬੀ.ਸੀ ਸੁਪਰੀਮ ਕੋਰਟ ਵਿੱਚ ਨਿਸ਼ਚਤਕੀਤੀ ਜਾਵੇਗੀ।
ਇਸ ਦੌਰਾਨ ਅਦਾਲਤ ਦੇ ਬਾਹਰ ਬੀ.ਸੀ.ਗੁਰਦੁਆਰਾ ਕੌਂਸਲ ਦੇ ਬੁਲਾਰੇ ਮੋਨਿੰਦਰ ਸਿੰਘ ਨੇ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਮਾਮਲੇ ਦੀ ਸੁਣਵਾਈ ਸ਼ੁਰੂ ਹੋਣ ਵਿੱਚ ਬਹੁਤ ਦੇਰੀ ਕੀਤੀ ਜਾ ਰਹੀ ਹੈ ਜੋ ਕਿ ਬੇਹੱਦ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਵਾਰ ਵਾਰ ਹੋ ਰਹੀ ਸੁਣਵਾਈ ਦੀ ਮੁਲਤਵੀ ਪਰਿਵਾਰ ਲਈ, ਸਮਾਜ ਵਿੱਚ ਦੂਜਿਆਂ ਲਈ ਬੇਹੱਦ ਚਿੰਤਾਜਨਕ ਹੈ। ਜ਼ਿਕਰਯੋਗ ਹੈ ਕਿ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਸਬੰਧੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ਦਾ ਹੱਥ ਹੋਣ ਦੇ ਦੋਸ਼ ਲਗਾਏ ਸਨ ਜਿਸ ਤੋਂ ਬਾਅਦ ਦੋਵੇਂ ਮੁਲਕਾਂ ਦੇ ਸਬੰਧਾਂ ਵਿੱਚ ਵੀ ਕਾਫੀ ਤਣਾਅ ਬਣ ਗਿਆ ਸੀ।