ਪੰਜਾਬ ਦੇ ਪਾਣੀਆਂ ਵਿਚ ਜ਼ਹਿਰ ਘੋਲਣ ਲੱਗੀਆਂ ਸਨਅਤਾਂ, ਸਰਵੇਖਣ ਤੋਂ ਬਹੁਤ ਭਿਆਨਕ ਅਤੇ ਡਰਾਉਣੇ ਤੱਥ ਆਏ ਸਾਹਮਣੇ

ਚੰਡੀਗੜ੍ਹ: ਜਲ ਸਰੋਤ ਵਿਭਾਗ ਵੱਲੋਂ ਸਮੁੱਚੇ ਪੰਜਾਬ ਦੇ ਨਦੀਆਂ-ਨਾਲਿਆਂ ‘ਚ ਪੈਂਦੇ ਦੂਸ਼ਿਤ ਪਾਣੀ ਦੇ ਕਰਵਾਏ ਸਰਵੇਖਣ ਤੋਂ ਡਰਾਉਣੇ ਤੱਥ ਸਾਹਮਣੇ ਆਏ ਹਨ। ਪੰਜਾਬ ਵਿਚ ਸੈਂਕੜੇ ਡਰੇਨਾਂ ਤੇ ਨਦੀਆਂ ਵਿਚ ਸ਼ਹਿਰ, ਪਿੰਡ ਤੇ ਸਨਅਤਾਂ ਵਾਲੇ ਆਪਣਾ ਗੰਦਾ ਪਾਣੀ ਸੁੱਟ ਰਹੇ ਹਨ।
ਅਜਿਹੇ ਪਿੰਡਾਂ, ਸ਼ਹਿਰਾਂ, ਉਦਯੋਗਾਂ ਅਤੇ ਨਿੱਜੀ ਲੋਕਾਂ ਦੇ 1222 ਕੇਸਾਂ ਦੀ ਸ਼ਨਾਖ਼ਤ ਹੋਈ ਹੈ, ਜਿਨ੍ਹਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਕੇ ਨਦੀਆਂ ਤੇ ਨਾਲਿਆਂ ਵਿਚ ਗੰਦਾ ਪਾਣੀ ਸੁੱਟਿਆ ਜਾ ਰਿਹਾ ਹੈ।
ਨਗਰ ਕੌਂਸਲ ਦੇ 107, ਪਿੰਡਾਂ ਦੇ 676 ਅਤੇ ਹੋਰਨਾਂ ਇਲਾਕਿਆਂ ਦੇ 430 ਨਾਲੇ ਡਰੇਨਾਂ ਅਤੇ ਨਦੀਆਂ ਵਿੱਚ ਸੁੱਟੇ ਜਾ ਰਹੇ ਹਨ। ਇਨ੍ਹਾਂ ਡਰੇਨਾਂ ਵਿਚ ਚੱਲ ਰਿਹਾ ਗੰਦਾ ਪਾਣੀ ਬਦਬੋ ਮਾਰ ਰਿਹਾ ਹੈ, ਜਿਸ ਦਾ ਲੋਕਾਂ ‘ਤੇ ਸਿੱਧਾ ਅਸਰ ਪੈ ਰਿਹਾ ਹੈ। ਬੁੱਢੇ ਨਾਲੇ ਦੇ ਪ੍ਰਦੂਸ਼ਣ ਦਾ ਮਾਮਲਾ ਕਦੇ ਵੀ ਠੰਢਾ ਨਹੀਂ ਹੋਇਆ, ਜਿਨ੍ਹਾਂ ਡਰੇਨਾਂ ਦੇ ਨੇੜੇ ਸ਼ਹਿਰ ਜਾਂ ਸਨਅਤਾਂ ਹਨ, ਉਨ੍ਹਾਂ ‘ਚ ਬੇਰੋਕ ਅਣਸੋਧਿਆ ਪਾਣੀ ਸੁੱਟਿਆ ਜਾ ਰਿਹਾ ਹੈ। ਅੰਮ੍ਰਿਤਸਰ ਜ਼ਿਲ੍ਹੇ ਦਾ ਨਾਮ ਸਿਖਰ ‘ਤੇ ਹੈ, ਜਿੱਥੇ 390 ਪਿੰਡਾਂ/ਸ਼ਹਿਰਾਂ ਤੇ ਨਿੱਜੀ ਲੋਕ ਦੂਸ਼ਿਤ ਪਾਣੀ ਡਰੇਨਾਂ ਵਿਚ ਸੁੱਟ ਰਹੇ ਹਨ। ਇਨ੍ਹਾਂ ਵਿਚ 40 ਫ਼ੈਕਟਰੀ ਮਾਲਕ ਵੀ ਸ਼ਾਮਲ ਹਨ। ਇਸ ਜ਼ਿਲ੍ਹੇ ਦੇ ਕਸੂਰ ਨਾਲਾ, ਰਾਜਾਸਾਂਸੀ ਡਰੇਨ, ਵੇਰਕਾ ਡਰੇਨ, ਗੁੰਮਟਾਲਾ ਡਰੇਨ ਵਿਚ ਗੰਦਾ ਪਾਣੀ ਪਾਇਆ ਜਾ ਰਿਹਾ ਹੈ।
ਜ਼ਿਲ੍ਹਾ ਸੰਗਰੂਰ ਦੂਜੇ ਨੰਬਰ ‘ਤੇ ਹੈ, ਜਿੱਥੋਂ ਦੇ 159 ਲੋਕਾਂ, ਪਿੰਡਾਂ ਤੇ ਸ਼ਹਿਰਾਂ ਤੋਂ ਇਲਾਵਾ ਸਨਅਤਾਂ ਵਾਲੇ ਦੂਸ਼ਿਤ ਪਾਣੀ ਡਰੇਨਾਂ ਵਿਚ ਪਾ ਰਹੇ ਹਨ, ਜਦੋਂ ਕਿ ਜਲੰਧਰ ਦੇ 82 ਜਣੇ ਅਜਿਹਾ ਕਰ ਰਹੇ ਹਨ। ਜ਼ਿਲ੍ਹਾ ਬਰਨਾਲਾ ਵਿਚ 59 ਅਜਿਹੇ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵੱਲੋਂ ਧਨੌਲਾ ਡਰੇਨ, ਲਸਾੜਾ ਡਰੇਨ ਅਤੇ ਟੱਲੇਵਾਲ ਡਰੇਨ ਵਿਚ ਪਾਣੀ ਪਾਇਆ ਜਾ ਰਿਹਾ ਹੈ।
ਪਿੰਡ ਉਗੋਕੇ, ਜੋਧਪੁਰ, ਪੰਧੇਰ, ਬਡਬਰ, ਨੈਣੇਵਾਲਾ ਦੀਆਂ ਪੰਚਾਇਤਾਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਹਨ। ਬਠਿੰਡਾ ਜ਼ਿਲ੍ਹੇ ਵਿਚ 44 ਕੇਸ ਪਾਏ ਗਏ ਹਨ, ਜਿਨ੍ਹਾਂ ਵੱਲੋਂ ਚੰਦ ਭਾਨ ਡਰੇਨ, ਦਿਆਲਪੁਰਾ ਡਰੇਨ ਅਤੇ ਲਸਾੜਾ ਡਰੇਨ ਵਿਚ ਦੂਸ਼ਿਤ ਪਾਣੀ ਸੁੱਟਿਆ ਜਾ ਰਿਹਾ ਹੈ। ਇਸ ਜ਼ਿਲ੍ਹੇ ਵਿਚ ਤਲਵੰਡੀ ਸਾਬੋ ਕੌਂਸਲ, ਰਾਮਾਂ ਕੌਂਸਲ, ਕੋਟਫੱਤਾ ਕੌਂਸਲ ਤੇ ਪਾਵਰਕੌਮ ਲਹਿਰਾ ਮੁਹੱਬਤ ਵੱਲੋਂ ਗੰਦਾ ਪਾਣੀ ਪਾਇਆ ਜਾ ਰਿਹਾ ਹੈ। ਇਨ੍ਹਾਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਹਨ। ਫ਼ਰੀਦਕੋਟ ਜ਼ਿਲ੍ਹੇ ਦੀ ਲੰਗੇਆਣਾ ਡਰੇਨ, ਮੁਦਕੀ ਡਰੇਨ, ਸਮਾਧ ਭਾਈ ਤੇ ਮਾੜੀ ਡਰੇਨ ‘ਚ ਸੀਵਰੇਜ ਦਾ ਪਾਣੀ ਪਾਉਣ ਵਾਲੇ 42 ਕੇਸ ਸ਼ਨਾਖ਼ਤ ਹੋਏ ਹਨ, ਜਿਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਗੁਰਦਾਸਪੁਰ ‘ਚ ਸੀਵਰੇਜ ਦਾ ਪਾਣੀ ਕਸੂਰ ਅਤੇ ਨਬੀਪੁਰ ਨਾਲੇ ਵਿਚ 14 ਜਣੇ ਪਾ ਰਹੇ ਹਨ। ਮਾਨਸਾ ਵਿਚ 46 ਕੇਸ ਸਾਹਮਣੇ ਆਏ ਹਨ, ਜਦੋਂ ਕਿ ਕਪੂਰਥਲਾ ਵਿਚ 44 ਕੇਸ ਸ਼ਨਾਖ਼ਤ ਹੋਏ ਹਨ। ਰੋਪੜ ‘ਚ 31, ਮੁਹਾਲੀ ਵਿਚ 46, ਫ਼ਿਰੋਜ਼ਪੁਰ ਵਿਚ 42, ਮਲੇਰਕੋਟਲਾ ਵਿਚ 51, ਪਟਿਆਲਾ ‘ਚ 66, ਲੁਧਿਆਣਾ ਵਿਚ 27 ਅਤੇ ਨਵਾਂ ਸ਼ਹਿਰ ਵਿਚ 14 ਕੇਸ ਸਾਹਮਣੇ ਆਏ ਹਨ।

Exit mobile version