ਨਵੀਂ ਦਿੱਲੀ : ਕੌਮੀ ਸੁਰੱਖਿਆ ਐਕਟ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲ ਗਈ ਹੈ ਅਤੇ ਇਸ ਦੌਰਾਨ ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਖੁੱਲ੍ਹ ਰਹੇਗੀ, ਪਰ ਉਸ ਨੂੰ ਦਿੱਲੀ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਪੈਰੋਲ ‘ਤੇ ਅਸਾਮ ਤੋਂ ਦਿੱਲੀ ਲਿਆਂਦਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ 23 ਅਪਰੈਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪੈਰੋਲ ਹੁਕਮਾਂ ਦੀਆਂ ਸ਼ਰਤਾਂ ਮੁਤਾਬਕ ਕੌਮੀ ਰਾਜਧਾਨੀ ਵਿਚ ਆਪਣੀ ਠਹਿਰ ਦੌਰਾਨ ਅੰਮ੍ਰਿਤਪਾਲ ਸਿੰਘ ਜਾਂ ਉਸ ਦਾ ਕੋਈ ਸਕਾ ਸਬੰਧੀ ਜਾਂ ਪਰਿਵਾਰਕ ਮੈਂਬਰ ਮੀਡੀਆ ਵਿਚ ਕਿਸੇ ਤਰ੍ਹਾਂ ਦਾ ਕੋਈ ਬਿਆਨ ਨਹੀਂ ਦੇ ਸਕੇਗਾ। ਅੰਮ੍ਰਿਤਪਾਲ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਸੰਸਦ ਮੈਂਬਰ ਵਜੋਂ ਹਲਫ਼ ਲਿਆ ਜਾਣਾ ਹੈ। ਪੈਰੋਲ ਤਹਿਤ ਕੁੱਲ ਦਸ ਸ਼ਰਤਾਂ ਨਿਰਧਾਰਿਤ ਕੀਤੀਆਂ ਗਈਆਂ ਹਨ।