6.9 C
Vancouver
Sunday, November 24, 2024

ਕੁਦਰਤੀ ਸੋਮਿਆਂ ਦੀ ਸੰਭਾਲ

 

 

 

ਲੇਖਕ : ਲਵਜੀਤ ਕੌਰ/ਧਰਮਿੰਦਰ ਸਿੰਘ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ (ਪੀਏਯੂ) ਦੇਸ਼ ਵਿੱਚ ਖੇਤੀਬਾੜੀ ਸਬੰਧੀ ਖੋਜ ਕਰ ਰਹੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਹੈ ਅਤੇ ਇਹ ਵੱਖ-ਵੱਖ ਖੇਤਰਾਂ ਵਿੱਚ ਆ ਰਹੀਆਂ ਤਬਦੀਲੀਆਂ ਨੂੰ ਮੁੱਖ ਰੱਖ ਕੇ ਆਪਣੇ ਖੋਜ ਪ੍ਰੋਗਰਾਮਾਂ ਨੂੰ ਨਵੀਂ ਸੇਧ ਦੇ ਰਹੀ ਹੈ। ਪੰਜਾਬ ਦੀ ਖੇਤੀ ਪੈਦਾਵਾਰ ਅਤੇ ਕਿਸਾਨਾਂ ਦੀ ਆਮਦਨ ਵਿੱਚ ਬਿਹਤਰੀ ਲਈ ਨਵੀਆਂ ਕਿਸਮਾਂ ਵਿਕਸਤ ਕਰਨ ਅਤੇ ਉਨ੍ਹਾਂ ਲਈ ਢੁੱਕਵੀਆਂ ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਕੱਢਣ ਲਈ ਯੂਨੀਵਰਸਿਟੀ ਦੇ ਸਾਇੰਸਦਾਨਾਂ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਸਿਫਾਰਸ਼ਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਕਿਸਾਨ ਮੇਲਿਆਂ ਦੀ ਅਹਿਮ ਭੂਮਿਕਾ ਹੈ।

ਸਾਡੇ ਗੁਰੂਆਂ ਨੇ ਪਾਣੀ ਨੂੰ ਪਿਤਾ ਦਾ ਦਰਜਾ ਦਿੰਦੇ ਹੋਏ ਮਨੁੱਖ ਨੂੰ, ਇਸ ਦੀ ਮਹੱਤਤਾ ਬਾਰੇ ਚੰਗੀ ਤਰ੍ਹਾਂ ਸਮਝਾਇਆ ਹੈ। ਪਰ ਚਿੰਤਾ ਦੀ ਗੱਲ ਹੈ ਕਿ ਪੰਜਾਂ ਪਾਣੀਆਂ ਦੀ ਧਰਤੀ ਪੰਜਾਬ ਅਜੋਕੇ ਸਮੇਂ ਵਿੱਚ ਪਾਣੀ ਦੇ ਗੰਭੀਰ ਸੰਕਟ ਨਾਲ ਜੂਝ ਰਹੀ ਹੈ। ਇਸੇ ਵਿਸ਼ੇ ਨੂੰ ਧਿਆਨ ਵਿੱਚ ਰੱਖਦੇ ਹੋਏ, ਇਸ ਵਾਰ ਕਿਸਾਨ ਮੇਲੇ ਦਾ ਉਦੇਸ਼ ‘ਕੁਦਰਤੀ ਸੋਮੇ ਬਚਾਓ, ਸਭ ਲਈ ਖੁਸ਼ਹਾਲੀ ਲਿਆਉ’ ਰੱਖਿਆ ਗਿਆ।

ਪੀਏਯੂ ਵੀ ਵਾਤਾਵਰਨ ਅਤੇ ਕੁਦਰਤੀ ਸੋਮੇ ਬਚਾਉਣ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕਰ ਰਹੀ ਹੈ। ਖੇਤੀ ਰਸਾਇਣਾਂ, ਖਾਦਾਂ ਅਤੇ ਪਾਣੀ ਦੀ ਬੇਲੋੜੀ ਵਰਤੋਂ ਕਰਨ ਨਾਲ, ਜਿੱਥੇ ਸਾਡਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਦੂਸ਼ਿਤ ਹੋ ਰਿਹਾ ਹੈ, ਉੱਥੇ ਹੀ ਸਾਡੇ ਖੇਤੀ ਖ਼ਰਚਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਝੋਨੇ ਅਤੇ ਹੋਰ ਫ਼ਸਲਾਂ ਦੀ ਸਿੰਜਾਈ ਲਈ ਵਧੇਰੇ ਪਾਣੀ ਵਰਤਣ ਕਾਰਨ, ਧਰਤੀ ਹੇਠਲੇ ਪਾਣੀ ਦਾ ਪੱਧਰ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਜਲ ਸੋਮਿਆਂ ਦੇ ਇਸ ਤੋਂ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਪੀਏਯੂ ਨੇ ਲੋੜ ਮੁਤਾਬਿਕ ਕਈ ਤਕਨੀਕਾਂ ਵਿਕਸਿਤ ਕੀਤੀਆਂ ਹਨ। ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀਆਰ-126, ਪੀਆਰ-121, ਪੀਆਰ-124, ਪੀਆਰ-130, ਪੀਆਰ-131 ਕਾਸ਼ਤ ਕਰ ਕੇ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਪੀਏਯੂ ਇਹ ਵੀ ਸਿਫ਼ਾਰਸ਼ ਕਰਦੀ ਹੈ ਕਿ ਝੋਨੇ ਦੀ ਫ਼ਸਲ ਵਿੱਚ ਪਾਣੀ ਜੀਰਨ ਤੋਂ ਦੋ ਦਿਨ ਬਾਅਦ ਪਾਣੀ ਲਗਾਉਣਾ ਚਾਹੀਦਾ ਹੈ। ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ ਸਿਫਾਰਸ਼ ਸਮੇਂ ਅਨੁਸਾਰ ਹੀ ਕਰਨੀ ਚਾਹੀਦੀ ਹੈ। ਪੀਏਯੂ ਕਿਸਾਨਾਂ ਨੂੰ ਸਮੇਂ ਸਮੇਂ ’ਤੇ ਅਪੀਲ ਕਰਦੀ ਹੈ ਕਿ ਖੇਤੀ ਵਿੱਚ ਸਿੰਜਾਈ ਦੀਆਂ ਆਧੁਨਿਕ ਤਕਨੀਕਾਂ ਜਿਵੇਂ ਤੁਪਕਾ ਸਿੰਜਾਈ, ਫੁਹਾਰਾ ਸਿੰਜਾਈ ਆਦਿ ਦੀ ਵਰਤੋਂ ਕਰ ਕੇ ਬੇਸ਼ਕੀਮਤੀ ਜਲ ਸਰੋਤਾਂ ਦੀ ਬੱਚਤ ਕੀਤੀ ਜਾਵੇ। ਆਉ ਆਪਾਂ ਸਾਰੇ ਰਲ-ਮਿਲ ਕੇ ਕੁਦਰਤ ਦੀ ਇਸ ਅਜੀਜ਼ ਨਿਆਮਤ ਨੂੰ ਬਚਾਈਏ।

ਮਿੱਟੀ ਵਿੱਚ ਜੈਵਿਕ ਮਾਦੇ ਦੀ ਪੂਰਤੀ ਲਈ ਪਰਾਲੀ ਨੂੰ ਮਿੱਟੀ ਵਿੱਚ ਵਾਹੁਣ ਦੀ ਸਿਫ਼ਾਰਸ਼ ਵੀ ਕੀਤੀ ਗਈ ਹੈ ਤਾਂ ਜੋ ਮਿੱਟੀ ਦੇ ਭੌਤਿਕ ਤੇ ਰਸਾਇਣਕ ਗੁਣਾਂ ਨੂੰ ਪ੍ਰਫੁੱਲਤ ਕੀਤਾ ਜਾ ਸਕੇ। ਪਰ ਫ਼ਸਲ ਵਿੱਚ ਰਸਾਇਣਾਂ ਦੀ ਅੰਨ੍ਹੇਵਾਹ ਹੋ ਰਹੀ ਵਰਤੋਂ ਮਿੱਟੀ ਦੀ ਉਪਜਾਊ ਸ਼ਕਤੀ ਦੇ ਪ੍ਰਤੀਰੂਲ ਅਸਰ ਪਾ ਰਹੀ ਹੈ। ਮਿੱਟੀ ਵਿਚਲੇ ਤੱਤ ਪੌਦੇ ਦੇ ਸਰਵਪੱਖੀ ਵਿਕਾਸ ਲਈ ਲਾਹੇਵੰਦ ਤਾਂ ਹੁੰਦੇ ਹੀ ਹਨ, ਇਸ ਦੇ ਨਾਲ-ਨਾਲ ਮਿੱਟੀ ਗੰਡੋਇਆਂ ਦਾ ਰਹਿਣ ਬਸੇਰਾ ਵੀ ਹੁੰਦੀ ਹੈ। ਇਸੇ ਤਰ੍ਹਾਂ ਹੀ ਭੂਮੀ ਵਿਚਲੇ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਪੂਰਾ ਕਰਨ ਲਈ ਹਰੀ ਖਾਦ, ਫ਼ਸਲਾਂ ਦੀ ਰਹਿੰਦ-ਖੂੰਹਦ ਮਿੱਟੀ ਵਿੱਚ ਮਿਲਾਉਣ ਤੇ ਜੈਵਿਕ ਖਾਦਾਂ ਦੀ ਵਰਤੋਂ ਕਰਨ ਦੀ ਲੋੜ ਹੈ। ਖੇਤੀ ਮਸ਼ੀਨਾਂ ਜਿਵੇਂ ਸਰਫੇਸ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਮਲਚਰ ਆਦਿ ਦੀ ਵਰਤੋਂ ਨਾਲ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਮਿੱਟੀ ਦੀ ਸਿਹਤ ਬਚਾਈ ਜਾ ਸਕਦੀ ਹੈ।

ਪੀਏਯੂ ਵਿੱਚ ਲੱਗਣ ਵਾਲੇ ਮੇਲਿਆਂ ਵਿੱਚ ਪਹੁੰਚ ਕੇ ਕਿਸਾਨ ਨਵੀਨਤਮ ਤਕਨੀਕਾਂ ਦੀਆਂ ਪ੍ਰਦਰਸ਼ਨੀਆਂ ਅਤੇ ਖੇਤੀ ਵਿਿਗਆਨੀਆਂ ਨਾਲ ਵਿਚਾਰ-ਵਟਾਂਦਰਾ ਕਰ ਸਕਦੇ ਹਨ। ਇਨ੍ਹਾਂ ਤਕਨੀਕਾਂ ਨੂੰ ਕਿਸਾਨ ਆਪਣੇ ਖੇਤਾਂ ਵਿੱਚ ਅਪਣਾ ਕੇ ਵਧੇਰੇ ਮੁਨਾਫ਼ਾ ਪ੍ਰਾਪਤ ਕਰ ਸਕਦੇ ਹਨ। ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵੱਲੋਂ ਪਾਣੀ, ਖਾਦ ਅਤੇ ਰਸਾਇਣਾਂ ਦੀ ਸਹੀ ਵਰਤੋਂ ਸਬੰਧੀ ਸੁਝਾਅ ਅਤੇ ਤਕਨੀਕੀ ਨੁਕਤਿਆਂ ਨੂੰ ਸਮਝਣ, ਸਿੱਖਣ ਅਤੇ ਅਮਲ ਵਿੱਚ ਲਿਆਉਣ ਦੀ ਜ਼ਰੂਰਤ ਹੈ। ਕਿਸਾਨ ਮੇਲੇ ਦੇ ਮੌਕੇ ਯੂਨੀਵਰਸਿਟੀ ਦੇ ਵਿਹੜੇ ਆਏ ਕਿਸਾਨ ਅਤੇ ਬੀਬੀਆਂ ਦੀ ਸਹੂਲਤ ਦਾ ਪੂਰਾ-ਪੂਰਾ ਖ਼ਿਆਲ ਰੱਖਿਆ ਜਾਂਦਾ ਹੈ। ਇਸ ਲਈ ਕੈਰੋਂ ਕਿਸਾਨ ਘਰ ਵਿੱਚ ਗੱਠੜੀ ਘਰ ਦਾ ਪ੍ਰਬੰਧ ਕੀਤਾ ਜਾਂਦਾ ਹੈ। ਤੁਸੀਂ ਆਪਣਾ ਖ਼ਰੀਦਿਆ ਹੋਇਆ ਬੀਜ ਗੱਠੜੀ ਘਰ ਵਿੱਚ ਜਮ੍ਹਾਂ ਕਰਵਾ ਕੇ ਮੇਲੇ ਦਾ ਭਰਪੂਰ ਆਨੰਦ ਮਾਣ ਸਕਦੇ ਹੋ।

ਰਸਾਇਣਾਂ ਦੇ ਅੰਨ੍ਹੇਵਾਹ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਸਰਵਪੱਖੀ ਪ੍ਰਬੰਧ ਦੀਆਂ ਬਹੁਮੁੱਲੀਆਂ ਤਕਨੀਕਾਂ ਅਪਣਾ ਕੇ ਖੇਤੀ ਖ਼ਰਚਿਆਂ ਨੂੰ ਘਟਾਇਆ ਜਾਵੇ। ਵਧਦੀ ਆਬਾਦੀ ਦੀਆਂ ਅਨਾਜ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਜ਼ਮੀਨ, ਪੀਣ ਯੋਗ ਪਾਣੀ ਅਤੇ ਸਾਹ ਲੈਣ ਯੋਗ ਵਾਤਾਵਰਣ ਬਚਾ ਕੇ ਰੱਖਣਾ ਵੀ ਸਾਡੀ ਜ਼ਿੰਮੇਵਾਰੀ ਹੈ। ਇਸ ਦੇ ਵਿੱਚ ਹੀ ਪੰਜਾਬ ਦਾ, ਦੇਸ਼ ਦਾ ਅਤੇ ਸਮੁੱਚੇ ਸਮਾਜ ਦਾ ਭਲਾ ਹੈ।

 

Related Articles

Latest Articles