ਸਰੀ, (ਬਰਾੜ ਭਗਤਾ ਭਾਈਕਾ): ਸਰੀ ਦੇ 13300-ਬਲਾਕ 89 ਐਵੇਨਿਊ ਵਿੱਚ ਮੰਗਲਵਾਰ ਰਾਤ ਨੂੰ ਮਰਦਾਂ ਦੇ ਦੋ ਸਮੂਹਾਂ ਵਿਚਕਾਰ ਹੋਈ ਇੱਕ ਭਾਰੀ ਝੜਪ ਨੇ ਇਲਾਕੇ ਵਿੱਚ ਤਣਾਅ ਪੈਦਾ ਕਰ ਦਿੱਤਾ। ਬੁੱਧਵਾਰ ਲਗਭਗ 8:20 ਵਜੇ ਵਾਪਰੀ ਇਸ ਘਟਨਾ ਦੌਰਾਨ ਕਥਿਤ ਤੌਰ ‘ਤੇ ਹਥਿਆਰਾਂ ਦੀ ਵਰਤੋਂ ਕੀਤੀ ਗਈ, ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ। ਸਰੀ ਪੁਲਿਸ ਸਰਵਿਸ, ਪੈਰਾਮੈਡਿਕਸ ਅਤੇ ਫਾਇਰਫਾਈਟਰਜ਼ ਨੇ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ।
ਪੁਲਿਸ ਵੱਲੋਂ ਜਾਰੀ ਬਿਆਨ ਅਨੁਸਾਰ ਇਸ ਲੜਾਈ ਵਿੱਚ ਕਈ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਸੱਟਾਂ ਲੱਗੀਆਂ ਹਨ। ਹਾਲਾਂਕਿ ਜ਼ਿਆਦਾਤਰ ਜ਼ਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ, ਪਰ 2 ਪੀੜਤ ਅਜੇ ਵੀ ਗੰਭੀਰ ਸੱਟਾਂ ਕਾਰਨ ਹਸਪਤਾਲ ਵਿੱਚ ਇਲਾਜ ਅਧੀਨ ਹਨ। ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ 2 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਸੀ, ਜਿਨ੍ਹਾਂ ਨੂੰ ਬਾਅਦ ਵਿੱਚ ਕੁਝ ਸ਼ਰਤਾਂ ‘ਤੇ ਰਿਹਾਅ ਕਰ ਦਿੱਤਾ ਗਿਆ। ਜਾਂਚ ਟੀਮਾਂ ਮੰਗਲਵਾਰ ਪੂਰੀ ਰਾਤ ਘਟਨਾ ਸਥਾਨ ‘ਤੇ ਸਬੂਤ ਇਕੱਠੇ ਕਰਨ ਅਤੇ ਮਾਮਲੇ ਦੀ ਕੜੀ ਜੋੜਨ ਵਿੱਚ ਜੁਟੀਆਂ ਰਹੀਆਂ।
ਸਰੀ ਪੁਲਿਸ ਵੱਲੋਂ ਇਸ ਹਿੰਸਕ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਜਨਤਕ ਤੌਰ ‘ਤੇ ਅਪੀਲ ਕੀਤੀ ਹੈ ਕਿ ਜਿਸ ਕਿਸੇ ਕੋਲ ਵੀ ਇਸ ਘਟਨਾ ਨਾਲ ਸਬੰਧਤ ਕੋਈ ਜਾਣਕਾਰੀ ਮੌਜੂਦ ਹੈ, ਉਹ ਤੁਰੰਤ ਪੁਲਿਸ ਦੇ ਗੈਰ-ਐਮਰਜੈਂਸੀ ਨੰਬਰ 604-599-0502 ‘ਤੇ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਗੁਪਤ ਜਾਣਕਾਰੀ ਸਾਂਝੀ ਕਰਨ ਲਈ ਕ੍ਰਾਈਮ ਸਟੌਪਰਜ਼ ਨਾਲ 1-800-222-8477 ‘ਤੇ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ ਤਾਂ ਜੋ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

