ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਅਨੁਮਾਨਿਤ ਬਜਟ ਬੀਤੇ ਦਿਨੀਂ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਨੇਪਰੇ ਚੜ੍ਹੇ ਇਜਲਾਸ ਦੌਰਾਨ ਹਾਜ਼ਰ ਮੈਂਬਰਾਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤਾ ਗਿਆ ਸੀ ।ਜਥੇ: ਮੰਡਵਾਲਾ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਧਾਮੀ ਦੀ ਅਗਵਾਈ ਵਿਚ ਸਿੱਖ ਸੰਸਥਾ ਨੇ ਧਰਮ ਪ੍ਰਚਾਰ, ਵਿੱਦਿਆ ਦੇ ਪ੍ਰਚਾਰ ਪ੍ਰਸਾਰ, ਪੰਥਕ ਕਾਰਜਾਂ ਅਤੇ ਲੋਕ ਭਲਾਈ ਵਾਸਤੇ ਅਹਿਮ ਕਾਰਜ ਕੀਤੇ ਹਨ ਅਤੇ ਇਸ ਵਾਰ ਵੀ ਬਜਟ ਵਿਚ ਇਨ੍ਹਾਂ ਖੇਤਰਾਂ ਲਈ ਵਿਸ਼ੇਸ਼ ਰਾਸ਼ੀ ਦਾ ਇੰਤਜਾਮ ਕੀਤਾ ਗਿਆ ਹੈ। ਇਸ ਦੌਰਾਨ ਜਿਥੇ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰਾਂ ਵਲੋਂ ਇਜਲਾਸ ਦੌਰਾਨ ਅੰਤਿੰਗ ਕਮੇਟੀ ਵਲੋਂ ਤਿੰਨ ਜਥੇਦਾਰਾਂ ਦੀ ਬਰਖ਼ਾਸਤਗੀ ਸੰਬੰਧੀ ਬੀਤੇ ਦਿਨੀਂ ਪਾਸ ਕੀਤੇ ਦੋ ਮਤੇ ਰੱਦ ਨਾ ਕੀਤੇ ਜਾਣ ਦੇ ਰੋਸ ਵਜੋਂ ਇਜਲਾਸ ‘ਚੋਂ ਵਾਕਆਊਟ ਕਰਕੇ ਵਿਰੋਧ ਦਰਜ ਕਰਾਇਆ ਗਿਆ ਪਰ ਇਸ ਦੇ ਬਾਵਜੂਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਹਜ਼ੂਰੀ ਵਿਚ ਜਨਰਲ ਸਕੱਤਰ ਜਥੇ: ਸ਼ੇਰ ਸਿੰਘ ਮੰਡ ਵਲੋਂ ਪੇਸ਼ ਕੀਤਾ ਗਿਆ ਸਾਲਾਨਾ ਅਨੁਮਾਨਿਤ ਬਜਟ ਅਮਨ-ਅਮਾਨ ਨਾਲ ਜੈਕਾਰਿਆਂ ਦੀ ਗੂੰਜ ‘ਚ ਪਾਸ ਕੀਤਾ ਗਿਆ । ਇਸ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਤੇ ਸੇਵਾ ਮੁਕਤੀ ਸੰਬੰਧੀ ਨਿਯਮ ਨਿਰਧਾਰਿਤ ਕਰਨ ਨੂੰ ਪ੍ਰਵਾਨਗੀ ਦੇਣ ਤੇ ਇਸ ਸੰਬੰਧੀ ਪੰਥਕ ਨੁਮਾਇੰਦਿਆਂ ਦੀ ਉੱਚ ਪੱਧਰੀ ਕਮੇਟੀ ਗਠਿਤ ਕਰਨ ਦੇ ਫ਼ੈਸਲੇ ਸਮੇਤ ਹੋਰ ਕਈ ਅਹਿਮ ਮਤੇ ਵੀ ਪਾਸ ਕੀਤੇ ਗਏ ।ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਨਵੰਬਰ 2025 ਵਿੱਚ ਮਨਾਈ ਜਾ ਰਹੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਮਤੇ ਵਿਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਤੇ ਸਿਧਾਂਤਾਂ ਤੋਂ ਜਾਣੂ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਢੁੱਕਵੀਂ ਯਾਦਗਾਰ ਸਥਾਪਤ ਕਰਨ ਦੀ ਅਪੀਲ ਕੀਤੀ ਗਈ। ਮਤੇ ‘ਚ ਕੇਂਦਰ ਤੋਂ ਗੁਰੂ ਸਾਹਿਬ ਦੇ ਨਾਂ ‘ਤੇ ਕੌਮੀ ਪੱਧਰ ਦੀ ਸਿੱਖਿਆ ਸੰਸਥਾ ਜਾਂ ਖੋਜ ਕੇਂਦਰ ਸਥਾਪਤ ਕਰਨ, ਵਿਸ਼ੇਸ਼ ਡਾਕ ਟਿਕਟ ਤੇ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ। ਸ਼੍ਰੋਮਣੀ ਕਮੇਟੀ ਨੇ ਲੰਘੇ ਦਿਨੀਂ ਸੰਸਦ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਸਬੰਧੀ ਦਿੱਤੇ ਬਿਆਨ ਅਤੇ ਗੁਰਾਬਾਣੀ ਪੜ੍ਹਨ ‘ਤੇ ਤਨਜ਼ ਕੱਸਣ ਦੀ ਨਿਖੇਧੀ ਕੀਤੀ। ਇਕ ਹੋਰ ਮਤੇ ‘ਚ ਹਿਮਾਚਲ ਪ੍ਰਦੇਸ਼ ਸਿੱਖ ਸ਼ਰਧਾਲੂਆਂ ਨਾਲ ਵਾਪਰ ਰਹੀਆਂ ਘਟਨਾਵਾਂ ਬਾਰੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸੰਜੀਦਾ ਪਹੁੰਚ ਅਪਣਾਉਣ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਅਪੀਲ ਕੀਤੀ ਗਈ। ਇਸ ਦੌਰਾਨ ਹੋਰ ਮਤਿਆਂ ‘ਚ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨਾਲ ਸਬੰਧਤ ਇਤਿਹਾਸਕ ਥਾਵਾਂ ਤੇ ਇਮਾਰਤਾਂ ਦੀ ਤਰਸਯੋਗ ਹਾਲਤ ਵੱਲ ਧਿਆਨ ਤੇ ਸਿੱਖ ਵਿਰਾਸਤਾਂ ਦੀ ਸੰਭਾਲ ਠੋਸ ਨੀਤੀ ਬਣਾਈ ਜਾਵੇ। ਇਸ ਤੋਂ ਇਲਾਵਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਵੀਜ਼ਾ ਦਫ਼ਤਰ ਅੰਮ੍ਰਿਤਸਰ ਵਿਖੇ ਖੋਲ੍ਹਣ ਅਤੇ ਕੇਂਦਰ ਨੂੰ ਫੌਜ ‘ਚ ਸਿੱਖਾਂ ਲਈ ਵਿਸ਼ੇਸ਼ ਰਾਖਵਾਂ ਕੋਟਾ ਤੈਅ ਕਰਨ ਦੀ ਅਪੀਲ ਕੀਤੀ ਗਈ। ਸ਼੍ਰੋਮਣੀ ਕਮੇਟੀ ਨੇ ਸਰਕਾਰਾਂ ਵੱਲੋਂ ਮੌਜੂਦਾ ਕਿਸਾਨ ਸੰਘਰਸ਼ ਵਿਚ ਅਪਣਾਈ ਗਈ ਨਕਾਰਾਤਮਕ ਭੂਮਿਕਾ ਦੀ ਨਿਖੇਧੀ ਕਰਦਿਆਂ ਮਤੇ ‘ਚ ਕਿਸਾਨ ਆਗੂਆਂ ‘ਤੇ ਦਰਜ ਮੁਕੱਦਮੇ ਵਾਪਸ ਲੈਣ ਤੇ ਕਿਸਾਨਾਂ ਦੇ ਹੱਕ ਵਿਚ ਸਹੀ ਫੈਸਲੇ ਕਰਨ ਦੀ ਅਪੀਲ ਵੀ ਕੀਤੀ।ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਸਿੱਖ ਬੰਦੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕੀਤੀ ਗਈ। ਇਸੇ ਦੌਰਾਨ ਇਜਲਾਸ ਵਿਚੋਂ ਵਾਕ ਆਊਟ ਕਰਕੇ ਆਏ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਤੇ ਸੁਖਦੇਵ ਸਿੰਘ ਭੌਰ ਨੇ ਕਿਹਾ ਕਿ ਉਹ ਇਜਲਾਸ ਵਿਚ ਹਟਾਏ ਗਏ ਸਿੰਘ ਸਾਹਿਬਾਨ ਬਾਰੇ ਗੱਲ ਰੱਖਣਾ ਚਾਹੁੰਦੇ ਸਨ ਤੇ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਨੂੰ 40 ਮੈਂਬਰਾਂ ਦੇ ਦਸਤਖ਼ਤਾਂ ਵਾਲਾ ਪੱਤਰ ਵੀ ਸੌਂਪਿਆ ਗਿਆ ਸੀ ਪਰ ਅੰਤਿੰਗ ਕਮੇਟੀ ਦੇ ਮਤੇ ਰੱਦ ਕਰਨ ਵਾਲਾ ਮਤਾ ਹੀ ਏਜੰਡੇ ਵਿਚ ਸ਼ਾਮਿਲ ਨਹੀਂ ਕੀਤਾ ਗਿਆ । ਉਨ੍ਹਾਂ ਕਿਹਾ ਕਿ ਜਥੇਦਾਰਾਂ ਵਲੋਂ ਕੀਤੇ ਗਏ ਸਖ਼ਤ ਫ਼ੈਸਲਿਆਂ ਕਾਰਨ ਉਨ੍ਹਾਂ ਨੂੰ ਹਟਾ ਕੇ ਮਨਮਰਜ਼ੀ ਦੇ ਜਥੇਦਾਰ ਥਾਪੇ ਗਏ ਹਨ।
ਇਸੇ ਦੌਰਾਨ ਇਜਲਾਸ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਬੀਬੀ ਕਿਰਨਜੋਤ ਕੌਰ ਨੂੰ ਮਤਾ ਪੜ੍ਹਨ ਸਮੇਂ ਬੋਲਣ ਲਈ ਸਮਾਂ ਨਾ ਦਿੱਤੇ ਜਾਣ ‘ਤੇ ਬਾਦਲ ਦਲ ਨਾਲ ਸੰਬੰਧਿਤ ਕੁਝ ਮੈਂਬਰਾਂ ਵਲੋਂ ਕਥਿਤ ਤੌਰ ‘ਤੇ ਉਨ੍ਹਾਂ ਨਾਲ ਦੁਰਵਿਵਹਾਰ ਕਰਦਿਆਂ ਮਾਈਕ ਨਾ ਦੇਣ ਦਾ ਦੋਸ਼ ਲਾਉਂਦਿਆਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜਥੇ: ਸੁਖਦੇਵ ਸਿੰਘ ਭੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਭਾਈ ਮਨਜੀਤ ਸਿੰਘ ਭੂਰਾ ਕੋਹਨਾ ਤੇ ਸ: ਟੌਹੜਾ ਆਦਿ ਆਗੂਆਂ ਨੇ ਇਜਲਾਸ ਵਿਚੋਂ ਵਾਕ ਆਊਟ ਕੀਤਾ ਗਿਆ ।ਬੀਬੀ ਜਗੀਰ ਕੌਰ, ਬੀਬੀ ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਤੇ ਹੋਰਨਾਂ ਨੇ ਕਿਹਾ ਕਿ ਉਹਨਾਂ ਵੱਲੋਂ 42 ਦੇ ਕਰੀਬ ਮੈਂਬਰਾਂ ਨੇ ਦਸਤਖਤ ਕਰਕੇ ਜਥੇਦਾਰਾਂ ਸਬੰਧੀ ਪਿਛਲੇ ਸਮੇਂ ਵਿੱਚ 10 ਫਰਵਰੀ ਤੇ 7 ਮਾਰਚ ਨੂੰ ਪਾਏ ਗਏ ਮਤਿਆਂ ਨੂੰ ਰੱਦ ਕਰਾਉਣ ਦੀ ਮੰਗ ਰੱਖੀ ਸੀ। ਇਸ ਮਤੇ ਨੂੰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵਿਚਾਰਿਆ ਨਹੀਂ ਗਿਆ ਅਤੇ ਉਹਨਾਂ ਦੇ ਨਾਲ ਜਨਰਲ ਇਜਲਾਸ ਵਿੱਚ ਬਦ ਸਲੂਕੀ ਕੀਤੀ ਗਈ ਹੈ।ਉਹਨਾਂ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ ਉਪਰੋਕਤ ਮਤੇ ਤੇ ਵਿਚਾਰ ਲਈ ਸੱਦਿਆ ਜਾਵੇ। ਜੇਕਰ ਸ਼੍ਰੋਮਣੀ ਕਮੇਟੀ ਪ੍ਰਧਾਨ ਇਸ ਵਿਸ਼ੇਸ਼ ਇਜਲਾਸ ਨੂੰ ਨਹੀਂ ਸੱਦ ਦੇ ਤਾਂ 15 ਮੈਂਬਰ ਨੂੰ ਅਧਿਕਾਰ ਹੈ ਕਿ ਉਹ ਆਪਣੇ ਤੌਰ ਤੇ ਜਨਰਲ ਇਜਲਾਸ ਸੱਦ ਸਕਦੇ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜੇਕਰ ਪ੍ਰਧਾਨ ਵੱਲੋਂ ਜਨਰਲ ਇਜਲਾਸ ਨਹੀਂ ਸੱਦਿਆ ਜਾਂਦਾ ਤਾਂ 15 ਮੈਂਬਰ ਆਪਣਾ ਅਧਿਕਾਰ ਵਰਤ ਕੇ ਜਨਰਲ ਇਜਲਾਸ ਸੱਦ ਕੇ ਉਪਰੋਕਤ ਮੱਤੇ ਤੇ ਵਿਚਾਰ ਚਰਚਾ ਕਰਨਗੇ
ਵਿਰੋਧੀ ਧਿਰ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਦੀ ਇਕ ਰਿਸ਼ੇਤਦਾਰ ਔਰਤ ਬਾਰੇ ਜਾਂਚ ਰਿਪੋਰਟ ਪੇਸ਼ ਕੀਤੀ ਸੀ, ਜਿਸ ‘ਚ ਇਕ ਔਰਤ ਦੀ ਕਿਰਦਾਰਕੁਸ਼ੀ ਕੀਤੀ ਗਈ ।ਉਨਾਂ ਕਿਹਾ ਕਿ ਬਿਨਾਂ ਕਿਸੇ ਸਬੂਤ ਦੇ ਔਰਤ ਦੇ ਆਚਰਨ ‘ਤੇ ਇਲਜ਼ਾਮ ਲਗਾਏ ਗਏ ਸਨ ਤੇ ਉਹ ਇਸ ਬਾਰੇ ਪੁੱਛਣਾ ਚਾਹੁੰਦੇ ਸਨ ਪਰ ਇਹ ਅੰਤਿੰਗ ਕਮੇਟੀ ਨਹੀਂ ਕੌਰਵਾ ਦੀ ਸਭਾ ਸੀ ਜਿਸ ਵਿਚ ਪ੍ਰਧਾਨ ਸ. ਧਾਮੀ ਨੇ ਵੀ ਧਿ૬ਰਾਸ਼ਟਰ ਵਾਂਗ ਅੱਖਾਂ ਮੀਟ ਲਈਆਂ।