Friday, May 1, 2026

ਅੰਮ੍ਰਿਤਸਰ ‘ਚ ਮੰਦਭਾਗੀ ਘਟਨਾ: 28 ਸਾਲਾ ਅਰਵਿੰਦਰ ਸਿੰਘ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸਭ ਤੋਂ ਪਾਸ਼ ਇਲਾਕੇ ਵਜੋਂ ਜਾਣੇ ਜਾਂਦੇ ਰਣਜੀਤ ਐਵੇਨਿਊ ਦੇ ਏ-ਬਲਾਕ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੇ ਇੱਕ ਨਿਰਮਾਣ ਅਧੀਨ ਇਮਾਰਤ ਦੀ ਬੇਸਮੈਂਟ ਵਿੱਚੋਂ ਇੱਕ ਨੌਜਵਾਨ ਦੀ ਖੂਨ ਨਾਲ ਲਿਬੜੀ ਲਾਸ਼ ਬਰਾਮਦ ਹੋਈ। ਇਸ ਮੰਦਭਾਗੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਸਥਾਨਕ ਲੋਕਾਂ ਦੀ ਭਾਰੀ ਭੀੜ ਮੌਕੇ ‘ਤੇ ਇਕੱਠੀ ਹੋ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਅਰਵਿੰਦਰ ਸਿੰਘ ਉਰਫ਼ ਬਬਲੂ ਵਜੋਂ ਹੋਈ ਹੈ, ਜੋ ਸ਼ਹਿਰ ਦੇ ਗ੍ਰੀਨ ਸਿਟੀ ਇਲਾਕੇ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਪਿਛਲੇ ਦੋ ਦਿਨਾਂ ਤੋਂ ਭੇਦਭਰੀ ਹਾਲਤ ਵਿੱਚ ਲਾਪਤਾ ਸੀ ਅਤੇ ਪਰਿਵਾਰਕ ਮੈਂਬਰ ਲਗਾਤਾਰ ਉਸ ਦੀ ਭਾਲ ਕਰ ਰਹੇ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅਰਵਿੰਦਰ ਸਿੰਘ ਇੱਕ ਫੂਡ ਡਿਲੀਵਰੀ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਮਿਹਨਤ ਕਰ ਰਿਹਾ ਸੀ। ਬੀਤੀ 27 ਮਾਰਚ ਦੀ ਸ਼ਾਮ ਕਰੀਬ 4 ਵਜੇ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ‘ਤੇ ਜਾਣ ਲਈ ਘਰੋਂ ਨਿਕਲਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਰਵਿੰਦਰ ਆਮ ਤੌਰ ‘ਤੇ ਰਾਤ 12 ਤੋਂ 1 ਵਜੇ ਦੇ ਦਰਮਿਆਨ ਆਪਣੀ ਡਿਊਟੀ ਖਤਮ ਕਰਕੇ ਘਰ ਪਰਤ ਆਉਂਦਾ ਸੀ, ਪਰ ਉਸ ਰਾਤ ਉਹ ਵਾਪਸ ਨਹੀਂ ਪਰਤਿਆ। ਜਦੋਂ ਦੇਰ ਰਾਤ ਤੱਕ ਅਰਵਿੰਦਰ ਦਾ ਕੋਈ ਪਤਾ ਨਹੀਂ ਲੱਗਾ ਤਾਂ ਪਰਿਵਾਰ ਨੇ ਉਸ ਦੇ ਮੋਬਾਈਲ ‘ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਸ ਦਾ ਫੋਨ ਵੀ ਬੰਦ ਆ ਰਿਹਾ ਸੀ। ਇਸ ਤੋਂ ਬਾਅਦ ਪਰਿਵਾਰ ਨੇ ਆਪਣੇ ਪੱਧਰ ‘ਤੇ ਉਸ ਦੀ ਕਾਫੀ ਭਾਲ ਕੀਤੀ ਅਤੇ ਅੰਤ ਵਿੱਚ ਪੁਲਸ ਨੂੰ ਇਸ ਸਬੰਧੀ ਸੂਚਿਤ ਕੀਤਾ। ਐਤਵਾਰ ਨੂੰ ਪੁਲਸ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਸੂਚਨਾ ਦਿੱਤੀ ਗਈ ਕਿ ਰਣਜੀਤ ਐਵੇਨਿਊ ਦੀ ਇੱਕ ਬੇਸਮੈਂਟ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਦੀ ਪਛਾਣ ਕਰਨ ‘ਤੇ ਉਹ ਅਰਵਿੰਦਰ ਸਿੰਘ ਨਿਕਲਿਆ। ਘਟਨਾ ਸਥਾਨ ‘ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਸਰੀਰ ਅਤੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਕਈ ਗੰਭੀਰ ਜ਼ਖ਼ਮਾਂ ਦੇ ਨਿਸ਼ਾਨ ਮਿਲੇ ਹਨ। ਇਹਨਾਂ ਜ਼ਖ਼ਮਾਂ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਅਰਵਿੰਦਰ ਦਾ ਬੜੀ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਕਾਤਲਾਂ ਨੇ ਬੜੀ ਨਿਰਦਈਤਾ ਨਾਲ ਉਸ ‘ਤੇ ਹਮਲਾ ਕੀਤਾ ਸੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Popular